ਸਰਕਾਰੀ ਹਸਪਤਾਲਾਂ ’ਚ ਜਣੇਪਾ ਸੇਵਾਵਾਂ ਬਿਲਕੁਲ ਮੁਫ਼ਤ : ਡਾ. ਰਮਨਦੀਪ ਕੌਰ
ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਸੇਵਾਵਾਂ ਬਿਲਕੁਲ ਮੁਫ਼ਤ -ਡਾ.ਰਮਨਦੀਪ ਕੌਰ
Publish Date: Wed, 28 Jan 2026 08:09 PM (IST)
Updated Date: Thu, 29 Jan 2026 04:13 AM (IST)

ਫੋਟੋ ਨੰਬਰ-21 ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਮਾਂ ਤੇ ਬੱਚੇ ਦੀ ਸਿਹਤ ਸੰਭਾਲ ਨੂੰ ਪਹਿਲ ਦਿੰਦਿਆਂ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਡਲਿਵਰੀ (ਜਣੇਪਾ) ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਦਾ ਮੁੱਖ ਮਕਸਦ ਗਰਭਵਤੀ ਔਰਤਾਂ ਨੂੰ ਸੁਰੱਖਿਅਤ, ਗੁਣਵੱਤਾਪੂਰਕ ਤੇ ਸਸਤੀ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਨਾਰਮਲ ਡਲਿਵਰੀ ਤੇ ਸੀਜ਼ੇਰੀਅਨ ਡਲਿਵਰੀ ਸੇਵਾਵਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਗਰਭ ਅਵਸਥਾ ਦੌਰਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਜ਼ਰੂਰੀ ਜਾਂਚਾਂ, ਲੈਬ ਟੈਸਟ, ਦਵਾਈਆਂ, ਟੀਕੇ ਅਤੇ ਅਲਟਰਾਸਾਊਂਡ ਆਦਿ ਵੀ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਡਿਲੀਵਰੀ ਤੋਂ ਬਾਅਦ ਮਾਂ ਅਤੇ ਨਵਜੰਮੇ ਬੱਚੇ ਦੀ ਸੰਭਾਲ ਲਈ ਲੋੜੀਂਦੀਆਂ ਸਹੂਲਤਾਂ ਬਿਨਾਂ ਕਿਸੇ ਖਰਚ ਦੇ ਦਿੱਤੀਆਂ ਜਾਂਦੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਪਹਿਲ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿੱਚ ਇਹ ਸਹੂਲਤ ਮੁਫ਼ਤ ਮਿਲਣ ਕਾਰਨ ਪਰਿਵਾਰਾਂ ‘ਤੇ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਤਜਰਬੇਕਾਰ ਡਾਕਟਰ, ਪ੍ਰਸ਼ਿਕਸ਼ਿਤ ਨਰਸਿੰਗ ਸਟਾਫ ਅਤੇ ਆਧੁਨਿਕ ਮੈਡੀਕਲ ਸਹੂਲਤਾਂ ਉਪਲਬਧ ਹਨ। ਐਮਰਜੈਂਸੀ ਹਾਲਾਤਾਂ ਲਈ 24 ਘੰਟੇ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ, ਤਾਂ ਜੋ ਕਿਸੇ ਵੀ ਸਮੇਂ ਮਾਂ ਅਤੇ ਬੱਚੇ ਦੀ ਜਾਨ ਨੂੰ ਖਤਰਾ ਨਾ ਹੋਵੇ। ਇਸ ਤੋਂ ਇਲਾਵਾ, ਸਫਾਈ ਅਤੇ ਸੁਰੱਖਿਆ ਦੇ ਮਿਆਰਾਂ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ। ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗਰਭਵਤੀ ਮਹਿਲਾਵਾਂ ਆਪਣੀ ਡਿਲੀਵਰੀ ਲਈ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਨਾਲ ਸੰਪਰਕ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਉਠਾਉਣ ਤਾਂ ਕਿ ਮਾਵਾਂ ਤੇ ਬੱਚਿਆਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ।