- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮੇਲੇ ’ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ

-ਫਾਰਮ ਭਰ ਕੇ 30 ਜੂਨ ਤੱਕ ਨਿਰਦੇਸ਼ਕ ਪਸਾਰ ਸਿੱਖਿਆ ਪੀਏਯੂ ਦੇ ਮੁੱਖ ਦਫ਼ਤਰ ’ਚ ਪਹੁੰਚਾਉਣੇ ਜ਼ਰੂਰੀ
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਸਤੰਬਰ ਮਹੀਨੇ ਕਰਵਾਏ ਜਾਣ ਵਾਲੇ ਕਿਸਾਨ ਮੇਲੇ ’ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਪੀਏਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਇਨਾਮਾਂ ’ਚ ਦਲੀਪ ਸਿੰਘ ਧਾਲੀਵਾਲ ਪੁਰਸਕਾਰ ਪ੍ਰਮੁੱਖ ਹੈ ਜੋ ਪੰਜਾਬ ਦੇ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜੋ ਖੇਤਾਂ ’ਚ ਖ਼ੁਦ ਫ਼ਸਲਾਂ ਉਗਾਉਂਦੇ ਹਨ। ਇਸ ਪੁਰਸਕਾਰ ’ਚ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ ਪੱਤਰ ਵੀ ਸ਼ਾਮਲ ਹੈ।
ਇਸੇ ਤਰ੍ਹਾਂ ਪਰਵਾਸੀ ਭਾਰਤੀ ਪੁਰਸਕਾਰ ਵੰਨ-ਸਵੰਨੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤਾ ਜਾਵੇਗਾ। ਇਸ ਪੁਰਸਕਾਰ ਵਿੱਚ ਅੱਠ ਹਜ਼ਾਰ ਰੁਪਏ ਦੀ ਧਨ ਰਾਸ਼ੀ ਤੋਂ ਇਲਾਵਾ ਸ਼ਲਾਘਾ ਪੱਤਰ ਵੀ ਦਿੱਤਾ ਜਾਂਦਾ ਹੈ। ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਹੜੇ ਆਪਣੀ ਕੁੱਲ ਜ਼ਮੀਨ ਵਿੱਚੋਂ ਘੱਟੋ ਘੱਟ 60 ਫੀਸਦੀ ਰਕਬੇ ‘ਤੇ ਸਬਜ਼ੀਆਂ ਬੀਜਦੇ ਹਨ। ਇਸ ਪੁਰਸਕਾਰ ਵਿੱਚ 3100/- ਰੁਪਏ ਦੀ ਧਨ ਰਾਸ਼ੀ ਤੋਂ ਇਲਾਵਾ ਸ਼ਲਾਘਾ ਪੱਤਰ ਵੀ ਦਿੱਤਾ ਜਾਵੇਗਾ। ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜੋ ਖੁਦ ਖੇਤੀ ਕਰਦੇ ਹੋਣ। ਇਸ ਸਨਮਾਨ ਦੀ ਰਾਸ਼ੀ ਪੰਜ ਹਜ਼ਾਰ ਰੁਪਏ ਹੋਵੇਗੀ। ਸਰਦਾਰਨੀ ਜਗਬੀਰ ਕੌਰ ਮੈਮੋਰੀਅਲ ਇੰਨੋਵੇਟਿਵ ਵੂਮੈਨ ਫਾਰਮਰ ਐਵਾਰਡ ਸਿਰਫ਼ ਅਗਾਂਹਵਧੂ ਕਿਸਾਨ ਬੀਬੀਆਂ ਲਈ ਹੀ ਰਾਖਵਾਂ ਹੈ ਜੋ ਖੇਤੀ ਅਤੇ ਉਸ ਨਾਲ ਸੰਬੰਧਤ ਕਾਰੋਬਾਰ ਨਾਲ ਜੁੜੀਆਂ ਹੋਣ। ਇਸ ’ਚ ਕਿਸਾਨ ਬੀਬੀ ਨੂੰ 3100/- ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ ਚਿੰਨ੍ਹ ਅਤੇ ਸ਼ਲਾਘਾ ਪੱਤਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਭਾਈ ਬਾਬੂ ਸਿੰਘ ਬਰਾੜ ਬੈਸਟ ਪੌਂਡ ਐਵਾਰਡ ਦਿੱਤਾ ਜਾਵੇਗਾ। ਇਸਦੀ ਰਾਸ਼ੀ 20,000 ਰੁਪਏ ਅਤੇ ਸਨਮਾਨ ਚਿੰਨ ਹੈ। ਇਸਦੀ ਲਾਜ਼ਮੀ ਸ਼ਰਤ ਵਿੱਚ ਘੱਟੋ ਘੱਟ 2 ਕਨਾਲ ਰਕਬੇ ਵਿੱਚ 4 ਫੁੱਟ ਡੂੰਘਾ ਛੱਪੜ ਹੋਵੇ ਜਿਸਦੀ ਸਫਾਈ ਅਤੇ ਪ੍ਰਬੰਧ ਦੁਆਰਾ ਪਾਣੀ ਦੀ ਵੱਖ-ਵੱਖ ਕੰਮਾਂ ਲਈ ਵਰਤੋਂ ਦੇ ਆਧਾਰ ਤੇ ਚੋਣ ਕੀਤੀ ਜਾਵੇਗੀ। ਇਨ੍ਹਾਂ ਸ਼ਰਤਾਂ ਤੇ ਖਰਾ ਉਤਰਨ ਵਾਲੇ ਪਿੰਡ ਜਾਂ ਕਸਬੇ ਨੂੰ ਇਹ ਇਨਾਮ ਪ੍ਰਦਾਨ ਕੀਤਾ ਜਾਵੇਗਾ।
ਇਹ ਸਾਰੇ ਪੁਰਸਕਾਰ ਸਤੰਬਰ ਮਹੀਨੇ ਹੋਣ ਵਾਲੇ ਕਿਸਾਨ ਮੇਲੇ ਵਿੱਚ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਨਾਮਜ਼ਦਗੀਆਂ ਭੇਜਣ ਵਾਸਤੇ ਅਗਾਂਹਵਧੂ ਕਿਸਾਨ ਆਪੋ-ਆਪਣੇ ਜ਼ਿਲ੍ਹਿਆਂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਉੱਪ ਨਿਰਦੇਸ਼ਕ, ਖੇਤੀ ਖੋਜ ਕੇਂਦਰਾਂ ਦੇ ਨਿਰਦੇਸ਼ਕ, ਜ਼ਿਲ੍ਹਾ ਪਸਾਰ ਮਾਹਿਰਾਂ ਦੇ ਦਫ਼ਤਰ, ਮੁੱਖ ਖੇਤੀਬਾੜੀ ਅਫ਼ਸਰ, ਬਾਗ਼ਬਾਨੀ ਵਿਭਾਗ ਦੇ ਉੱਪ ਨਿਰਦੇਸ਼ਕ ਤੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਮੁੱਖ ਦਫ਼ਤਰ, ਪੀਏਯੂ. ਲੁਧਿਆਣਾ ਤੋਂ ਨਿਸ਼ਚਿਤ ਫਾਰਮ ਹਾਸਲ ਕਰ ਸਕਦੇ ਹਨ। ਇਹ ਫਾਰਮ ਭਰਨ ਉਪਰੰਤ 30 ਜੂਨ 2026 ਤੱਕ ਨਿਰਦੇਸ਼ਕ ਪਸਾਰ ਸਿੱਖਿਆ ਪੀਏਯੂ ਦੇ ਮੁੱਖ ਦਫ਼ਤਰ ਤੱਕ ਪਹੁੰਚਾਉਣੇ ਜ਼ਰੂਰੀ ਹਨ। ਡਾ. ਮੱਖਣ ਸਿੰਘ ਭੁੱਲਰ ਨੇ ਇਹ ਵੀ ਦੱਸਿਆ ਕਿ ਹਰ ਪੁਰਸਕਾਰ ਲਈ ਵੱਖਰੀ-ਵੱਖਰੀ ਅਰਜ਼ੀ ਪ੍ਰਵਾਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਲਈ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
--