ਦਲਵਿੰਦਰ ਸਿੰਘ ਰਛੀਨ, ਰਾਏੇਕੋਟ : ਸਥਾਨਕ ਤਾਜਪੁਰ ਰੋਡ 'ਤੇ ਸਥਿਤ ਕੈਂਚੀਆਂ ਨੇੜੇ ਸ਼ੁੱਕਰਵਾਰ ਦਿਨ ਦਿਹਾੜੇ ਚੋਰਾਂ ਵੱਲੋਂ ਇਕ ਮਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਤਾਲੇ ਭੰਨ ਕੇ ਨਕਦੀ ਤੇ ਸੋਨਾ ਚੋਰੀ ਕਰ ਲਿਆ। ਇਸ ਸਬੰਧੀ ਰਾਏਕੋਟ ਸਦਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਮਕਾਨ ਮਾਲਕ ਗੁਰਜੰਟ ਸਿੰਘ ਤਾਜਪੁਰ ਪੁੱਤਰ ਜੋਗਿੰਦਰ ਸਿੰਘ ਨੇ ਦੱਸਿਆ ਸ਼ੁੱਕਰਵਾਰ ਸਵੇਰੇ 10 ਵਜੇ ਦੇ ਕਰੀਬ ਉਹ ਆਪਣੀ ਪਤਨੀ ਨੂੰ ਸਰਕਾਰੀ ਹਸਪਤਾਲ ਰਾਏਕੋਟ ਵਿਖੇ ਦਵਾਈ ਦਵਾਉਣ ਲਈ ਗਿਆ।

ਕਾਫ਼ੀ ਸਮੇਂ ਬਾਅਦ ਜਦੋਂ ਉਹ ਘਰ ਵਾਪਸ ਆਇਆ ਤਾਂ ਦੇਖਿਆ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਅੰਦਰ ਚੈੱਕ ਕਰਨ 'ਤੇ ਪਤਾ ਲੱਗਿਆ ਕਿ ਅਲਮਾਰੀ 'ਚੋਂ 25 ਹਜ਼ਾਰ ਰੁਪਏ ਦੀ ਨਕਦੀ ਤੇ 5 ਗ੍ਰਾਮ ਸੋਨੇ ਦਾ ਬਿਸਕੁਟ ਗਾਇਬ ਸੀ, ਜਿਸ ਨੂੰ ਕੁੱਝ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ। ਇਸ ਸਬੰਧੀ ਪੁਲਿਸ ਥਾਣਾ ਸਦਰ ਰਾਏਕੋਟ ਦੇ ਏਐੱਸਆਈ ਲਖਵੀਰ ਸਿੰਘ ਨੇ ਦੱਸਿਆ ਅਣਪਛਾਤੇ ਚੋਰਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।