ਗੇਟ ਭੰਨ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਗੇਟ ਭੰਨ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ਼
Publish Date: Sat, 18 Oct 2025 08:34 PM (IST)
Updated Date: Sat, 18 Oct 2025 08:35 PM (IST)

-ਪੜਤਾਲ ਤੋਂ ਬਾਅਦ ਹਮਲਾਵਰਾਂ ਖ਼ਿਲਾਫ਼ ਮੁਕੱਦਮਾ ਦਰਜ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਪਿੰਡ ਕਾਲਖ ’ਚ ਪੁਰਾਣੀ ਰੰਜਿਸ਼ ਕਾਰਨ ਕੁਝ ਵਿਅਕਤੀਆਂ ਨੇ ਇੱਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਥਾਣਾ ਡੇਹਲੋਂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਕਾਲਖ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੱਸਿਆ ਕਿ ਕੁਝ ਵਿਅਕਤੀਆਂ ਨਾਲ ਉਸ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ। ਕੁਝ ਦਿਨ ਪਹਿਲਾਂ ਗੁਆਂਢਣ ਹਰਵਿੰਦਰ ਕੌਰ ਨੇ ਉਨ੍ਹਾਂ ਦਾ ਗੇਟ ਖੜਕਾਇਆ ਤੇ ਕਹਿਣ ਲੱਗੀ ਕਿ ਉਹ ਬਾਹਰ ਆ ਜਾਵੇ ਉਸ ਨਾਲ ਕੋਈ ਜ਼ਰੂਰੀ ਗੱਲ ਕਰਨੀ ਹੈ। ਗੇਟ ਖੋਲ੍ਹਦਿਆਂ ਹੀ ਕੁਝ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਰਿੰਦਰ ਸਿੰਘ ਨੇ ਗੇਟ ਬੰਦ ਕਰ ਕੇ ਜਿਵੇਂ ਹੀ ਭੱਜਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮ ਗੇਟ ਭੰਨ ਕੇ ਘਰ ਦੇ ਅੰਦਰ ਦਾਖ਼ਲ ਹੋ ਗਏ ਅਤੇ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਵਰਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਧਰ, ਇਸ ਮਾਮਲੇ ’ਚ ਜਾਂਚ ਅਧਿਕਾਰੀ ਧਰਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਮਿੰਟੂ, ਜੱਸੂ ,ਗੱਗੀ, ਬਲਵਿੰਦਰ ਸਿੰਘ ਅਤੇ ਹਰਵਿੰਦਰ ਕੌਰ ਸਮੇਤ ਦੋ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।