ਨਗਰ ਕੀਰਤਨ 'ਚ ਹਿੱਸਾ ਲੈਣ ਵਾਲੇ ਗੱਤਕਾ ਅਖਾੜਿਆਂ ਦਾ ਸਨਮਾਨ
ਬੈਂਸ ਵੱਲੋਂ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ 'ਚ ਹਿੱਸਾ ਲੈਣ ਵਾਲੇ ਗਤਕਾ ਅਖਾੜਿਆਂ ਦਾ ਸਨਮਾਨ
Publish Date: Tue, 27 Jan 2026 07:36 PM (IST)
Updated Date: Wed, 28 Jan 2026 04:11 AM (IST)

-ਗਤਕਾ ਸਿਰਫ਼ ਖੇਡ ਨਹੀਂ, ਬਲਕਿ ਨਿਰਭਉ ਤੇ ਨਿਰਵੈਰ ਹੋਣ ਦਾ ਮਾਰਗ : ਬੈਂਸ ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਗੁਰੂ ਅੰਗਦ ਦੇਵ ਨਗਰ, ਫਲਾਵਰ ਇੰਕਲੇਵ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਮੁੱਖ ਸੇਵਾਦਾਰ ਸਰਬਜੀਤ ਸਿੰਘ ਬਾਬਾ ਜੀ ਦੀ ਯੋਗ ਅਗਵਾਈ ਹੇਠ ਕੱਢਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਨਗਰ ਕੀਰਤਨ ਦੌਰਾਨ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੌਹਰ ਦਿਖਾਏ ਗਏ। ਨੌਜਵਾਨਾਂ ਦੇ ਹੌਸਲੇ ਤੇ ਕਲਾ ਦੀ ਪ੍ਰਸ਼ੰਸਾ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਗਤਕਾ ਸਾਡੀ ਅਮੀਰ ਵਿਰਾਸਤ ਦਾ ਹਿੱਸਾ ਹੈ ਅਤੇ ਨੌਜਵਾਨਾਂ ਨੂੰ ਆਪਣੀ ਪਨੀਰੀ ਨਾਲ ਜੋੜੀ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਗਤਕਾ ਖੇਡਣ ਵਾਲੇ ਸਮੂਹ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕਿਹਾ ਬਾਬਾ ਦੀਪ ਸਿੰਘ ਜੀ ਵਰਗੇ ਮਹਾਨ ਸ਼ਹੀਦਾਂ ਨੇ ਸਾਨੂੰ ਜ਼ੁਲਮ ਵਿਰੁੱਧ ਲੜਨ ਦਾ ਜਜ਼ਬਾ ਦਿੱਤਾ ਹੈ। ਅੱਜ ਇਨ੍ਹਾਂ ਨੌਜਵਾਨਾਂ ਨੂੰ ਗਤਕਾ ਖੇਡਦਿਆਂ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ ਕਿ ਸਾਡੀ ਨਵੀਂ ਪੀੜ੍ਹੀ ਆਪਣੀ ਸ਼ਸਤਰ ਵਿੱਦਿਆ ਅਤੇ ਅਮੀਰ ਸਿੱਖ ਵਿਰਾਸਤ ਨੂੰ ਸੰਭਾਲ ਰਹੀ ਹੈ। ਉਨ੍ਹਾਂ ਨੇ ਗਤਕਾ ਟੀਮਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਇਹ ਕਲਾ ਕੌਮਾਂਤਰੀ ਪੱਧਰ ਤੇ ਚਮਕੇ।