ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਲਾਢੋਵਾਲ ਟੋਲ ਪਲਾਜ਼ਾ 2 ਘੰਟੇ ਲਈ ਫ਼ਰੀ; ਡਾ. ਨਵਜੋਤ ਕੌਰ ਸਿੱਧੂ ਵੀ ਧਰਨੇ 'ਚ ਹੋਏ ਸ਼ਾਮਲ
ਇਸ ਮੌਕੇ ਰੋਸ ਧਰਨੇ 'ਤੇ ਬੈਠੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ,ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਗੁਰਦੀਪ ਸਿੰਘ ਬਠਿੰਡਾ, ਗੁਰਵਿੰਦਰ ਸਿੰਘ ਭੰਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਘਰਸ਼ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਹੀ ਹਿੱਸਾ ਹੈ, ਜਿਸ ਨਾਲ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾਵੇਗਾ।
Publish Date: Tue, 09 Jun 2026 01:14 PM (IST)
Updated Date: Tue, 09 Jun 2026 01:24 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ। ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਲਾਢੋਵਾਲ ਟੋਲ ਪਲਾਜ਼ਾ ਰੋਸ ਵਜੋਂ ਵਾਹਨਾਂ ਲਈ ਮੁਕਤ ਕੀਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਮੋਹਾਲੀ ਵੱਲੋਂ ਅੱਜ ਪਲਾਜ਼ਾ ਦੁਪਹਿਰ 12 ਵਜੇ ਤੋਂ 2 ਘੰਟਿਆਂ ਲਈ ਵਾਹਨਾਂ ਲਈ ਮੁਕਤ ਕੀਤਾ ਗਿਆ ਅਤੇ ਵਾਹਨਾਂ ਨੂੰ ਪਰਚੀ ਕਟਵਾਉਣ ਬਿਨਾਂ ਹੀ ਲੰਘਾਇਆ ਜਾ ਰਿਹਾ ਹੈ।
ਇਸ ਮੌਕੇ ਰੋਸ ਧਰਨੇ 'ਤੇ ਬੈਠੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ,ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਗੁਰਦੀਪ ਸਿੰਘ ਬਠਿੰਡਾ, ਗੁਰਵਿੰਦਰ ਸਿੰਘ ਭੰਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਘਰਸ਼ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਹੀ ਹਿੱਸਾ ਹੈ, ਜਿਸ ਨਾਲ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾਵੇਗਾ।
ਉਨ੍ਹਾਂ ਕਿਸਾਨ ਜਥੇਬੰਦੀਆਂ, ਸਿੱਖ ਸੰਗਤਾਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਵੱਡੀ ਗਿਣਤੀ ਵਿਚ ਲਾਢੋਵਾਲ ਟੋਲ ਪਲਾਜ਼ਾ ਤੇ ਪੁੱਜਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀਆਂ ਸਰਕਾਰਾਂ ਮਨੁੱਖੀ ਅਧਿਕਾਰਾਂ ਅਤੇ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਮਨ ਮਰਜੀਆਂ ਕਰ ਰਹੀਆਂ ਹਨ ਉਨਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।
ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਨਾ ਤਾਂ ਕੇਂਦਰ ਸਰਕਾਰ ਕੁਝ ਕਰ ਰਹੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਉਨ੍ਹਾਂ ਨੂੰ ਜੇਲ੍ਹਾਂ ਵਿੱਚੋਂ ਬਾਹਰ ਕੱਢਣ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਲੋਕ ਸਭਾ ਨੂੰ ਸਰਕਾਰ ਨੇ ਜਾਣਬੁੱਝ ਕੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ। ਉਨ੍ਹਾਂ ਅੱਗੇ ਕਿਹਾ ਜਦੋਂ ਤੱਕ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਡਾ ਨਵਜੋਤ ਕੌਰ ਸਿੱਧੂ ਵੀ ਮੌਜੂਦ ਸਨ।