
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਵਿਖੇ ਪੱਕੇ ਮੋਰਚੇ ਦੀ ਸ਼ੁਰੂਆਤ

-ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੋਰਚਾ ਯੂਨੀਅਨ ਵੱਲੋਂ ਪੰਜਾਬ ਵਿੱਚ ਮੋਰਚੇ ਲਗਾਉਣ ਦੀ ਵਿੱਢੀ ਮੁਹਿੰਮ ਤਹਿਤ ਲਗਾਇਆ ਗਿਆ ਹੈ।
ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਵਿੱਚ ਕਿਸਾਨ ਆਪਣੇ ਟਰੈਕਟਰ ਟਰਾਲੀਆਂ ’ਤੇ ਸਵਾਰ ਹੋ ਕੇ ਪਹੁੰਚੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਸਿੰਘ ਨੇ ਕਿਹਾ ਕਿ ਸਰਕਾਰ ਵੱਲੋ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਕਿਸਾਨ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕਰ ਰਹੇ ਹਨ। ਸਰਕਾਰ ਕਿਸਾਨਾਂ ਅਤੇ ਹੋਰ ਸੰਘਰਸ਼ਾਂ ਕਰਕੇ ਲੋਕਾਂ ਨਾਲ ਮੀਟਿੰਗ ਮੀਟਿੰਗ ਖੇਡ ਰਹੀ ਹੈ।
ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਖਤਮ ਕਰਵਾਉਣ ਲਈ, ਆਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣ ਲਈ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਲਈ, ਕਿਸਾਨਾਂ ’ਤੇ ਪਾਏ ਕੇਸ ਖਤਮ ਕਰਾਉਣ ਅਤੇ ਪੁਲਿਸ ਵੱਲੋਂ ਜਬਰ ਜੁਲਮ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਮੋਰਚਾ ਦੀ ਅੱਜ ਸ਼ੁਰੂਆਤ ਹੋਈ ਹੈ। ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਉੱਪਰ ਜਬਰ ਜ਼ੁਲਮ ਢਾਹ ਰਹੀਆਂ ਹਨ ਤੇ ਕਾਰਪੋਰੇਟਾਂ ਪੱਖੀ ਨੀਤੀਆਂ ਲਿਆ ਕੇ ਉਨ੍ਹਾਂ ਦਾ ਖਜ਼ਾਨਾ ਭਰਨ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਜ਼ਮੀਨਾਂ, ਸਾਡੀ ਕਿਰਤ ਨੂੰ ਖੋਹਿਆ ਜਾ ਰਿਹਾ ਹੈ, ਇਸ ਲਈ ਆਪਣੀਆਂ ਮੰਗਾਂ ਲਈ ਸਾਨੂੰ ਇਕੱਠੇ ਹੋ ਕੇ ਲੰਬੇ ਦਮ ਰੱਖਕੇ ਸੰਘਰਸ਼ ਕਰਨ ਦੀ ਲੋੜ ਹੈ।
ਮੋਲਡਰ ਐਡ ਸਟੀਲ ਵਰਕਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਨੇ ਕਿਹਾ ਭਾਰਤ ਅਮਰੀਕਾ ਮੁਕਤ ਵਪਾਰ ਵਾਰਤਾ ਜਿੱਥੇ ਕਿਸਾਨਾਂ ਲਈ ਉਜਾੜੇ ਦੇ ਵਰੰਟ ਹਨ, ਉੱਥੇ ਮਜ਼ਦੂਰਾਂ ਮੁਲਾਜ਼ਮਾਂ ਸਨਅਤੀ ਮਜ਼ਦੂਰਾਂ ਦੇ ਲਈ ਵੀ ਉਜਾੜੇ ਦੇ ਵਰੰਟ ਹਨ। ਅਸੀਂ ਵੱਧ ਤੋਂ ਵੱਧ ਗਿਣਤੀ ’ਚ ਮਜ਼ਦੂਰਾਂ ਪੱਕੇ ਮੋਰਚੇ ’ਚ ਸ਼ਾਮਲ ਹੋਣਗੇ। ਅੱਜ ਜਗਮੀਤ ਸਿੰਘ ਕਲਾੜ੍ਹ, ਮਨੋਹਰ ਸਿੰਘ ਕਲਾਹੜ, ਯੁਵਰਾਜ ਸਿੰਘ ਘੁਡਾਣੀ, ਜਸਵੀਰ ਸਿੰਘ ਅਸ਼ਗਰੀਪੁਰ, ਨਾਜਰ ਸਿੰਘ ਸਿਆੜ, ਮਨਜੀਤ ਸਿੰਘ ਬੁਢੇਲ, ਦਵਿੰਦਰ ਸਿੰਘ ਸਿਰਥਲਾ, ਤੀਰਥ ਸਿੰਘ ਤਲਵੰਡੀ, ਜਸਦੀਪ ਸਿੰਘ ਜੱਸੋਵਾਲ ਵੀ ਸ਼ਾਮਲ ਰਹੇ।