ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬਾਨ ਦੇ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਬਗੇਲ ਸਿੰਘ ਨੇ ਕਥਾ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਸਿੰਘਾਂ ਦੇ ਇਤਿਹਾਸ ਅਤੇ ਲੰਮੇ ਸੰਘਰਸ਼ ’ਤੇ ਚਾਨਣਾ ਪਾਇਆ।
Publish Date: Sat, 29 Aug 2026 05:05 PM (IST)
Updated Date: Sat, 29 Aug 2026 05:09 PM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ। ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਦੀ ਕਾਮਨਾ ਨੂੰ ਲੈ ਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸ਼ਰਧਾਪੂਰਵਕ ਪਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਇਕੱਤਰ ਹੋਈਆਂ ਸੰਗਤਾਂ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬਾਨ ਦੇ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਬਗੇਲ ਸਿੰਘ ਨੇ ਕਥਾ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਸਿੰਘਾਂ ਦੇ ਇਤਿਹਾਸ ਅਤੇ ਲੰਮੇ ਸੰਘਰਸ਼ ’ਤੇ ਚਾਨਣਾ ਪਾਇਆ।
ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਬੇਹੱਦ ਕੜਕਵਾਂ ਬਿਆਨ ਜਾਰੀ ਕੀਤਾ।
ਉਨ੍ਹਾਂ ਸਰਕਾਰਾਂ ਦੇ ਦੋਹਰੇ ਮਾਪਦੰਡਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ, "ਆਪਣੀਆਂ ਨਿਰਧਾਰਿਤ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਸਿੱਖ ਸਿਆਸੀ ਕੈਦੀਆਂ ਨੂੰ ਜੇਲ੍ਹਾਂ ਵਿੱਚ ਬੰਦ ਰੱਖਣਾ ਦੇਸ਼ ਦੇ ਕਾਨੂੰਨ ਅਤੇ ਲੋਕਤੰਤਰ ਦਾ ਜਨਾਜ਼ਾ ਕੱਢਣ ਬਰਾਬਰ ਹੈ। ਸਰਕਾਰਾਂ ਵੱਲੋਂ ਕੀਤਾ ਜਾ ਰਿਹਾ ਇਹ ਵਿਤਕਰਾ ਸਿੱਖ ਕੌਮ ਨਾਲ ਕੋਝਾ ਮਜ਼ਾਕ ਅਤੇ ਅੰਨ੍ਹਾ ਜਬਰ ਹੈ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"
ਜਥੇਦਾਰ ਆਲਮਗੀਰ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਇੱਕ ਪਾਸੇ ਸੰਗੀਨ ਜ਼ੁਰਮਾਂ ਦੇ ਦੋਸ਼ੀਆਂ ਅਤੇ ਬਲਾਤਕਾਰੀਆਂ ਨੂੰ ਪੈਰੋਲਾਂ ਅਤੇ ਰਿਹਾਈਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਉਮਰਾਂ ਗਾਲ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਪਿੱਛੇ ਹਟ ਰਹੀ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਤੁਰੰਤ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਤਿਆਗੇ ਅਤੇ ਬੰਦੀ ਸਿੰਘਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ।
ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਮੈਨੇਜਰ ਹਰਦੀਪ ਸਿੰਘ ਗਿੱਲ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਰਿਕਾਰਡ ਕੀਪਰ ਤਲਵਿੰਦਰ ਸਿੰਘ, ਅਕਾਊਂਟੈਂਟ ਮਨਪ੍ਰੀਤ ਸਿੰਘ, ਸੁਖਦੇਵ ਸਿੰਘ ਦੁਲੇਆ, ਗ੍ਰੰਥੀ ਹਰਵਿੰਦਰ ਸਿੰਘ, ਅਮਨਦੀਪ ਸਿੰਘ, ਪ੍ਰਗਟ ਸਿੰਘ ਹਜ਼ੂਰੀ ਰਾਗੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।