ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ! ਬੀਬੀ ਜਗੀਰ ਕੌਰ 15 ਨਵੰਬਰ ਨੂੰ ਮੁੜ ਕਰਨਗੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਦੇ 15 ਨਵੰਬਰ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ। ਉਹ ਰਾਏਕੋਟ ਦੇ ਪਿੰਡ ਨੱਥੋਵਾਲ ਵਿੱਚ ਪਾਰਟੀ ਦੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਰਾਏਕੋਟ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ।
Publish Date: Sat, 14 Nov 2026 11:35 AM (IST)
Updated Date: Sat, 14 Nov 2026 11:36 AM (IST)
ਸੁਸ਼ੀਲ ਵਰਮਾ, ਪੰਜਾਬੀ ਜਾਗਰਣ, ਰਾਏਕੋਟ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਦੇ 15 ਨਵੰਬਰ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ। ਉਹ ਰਾਏਕੋਟ ਦੇ ਪਿੰਡ ਨੱਥੋਵਾਲ ਵਿੱਚ ਪਾਰਟੀ ਦੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਰਾਏਕੋਟ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੌਜੂਦਾ ਸਰਕਾਰ ਵੱਲੋਂ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਚਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ, 20 ਰੁਪਏ ਕਿਲੋ ਦਾਲਾਂ, ਸ਼ਗਨ ਸਕੀਮ ਤਹਿਤ ਇਕ ਲੱਖ ਰੁਪਏ, ਬਜ਼ੁਰਗਾਂ ਨੂੰ 3100 ਰੁਪਏ ਪੈਨਸ਼ਨ, ਨੌਜਵਾਨਾਂ ਨੂੰ ਰੁਜ਼ਗਾਰ ਲਈ ਬਿਨਾਂ ਵਿਆਜ 10 ਲੱਖ ਰੁਪਏ ਕਰਜ਼ਾ ਅਤੇ ਡੇਅਰੀ ਕਿੱਤੇ ਲਈ 75 ਫ਼ੀਸਦੀ ਸਬਸਿਡੀ ਦੇਣ ਦਾ ਵਾਅਦਾ ਸ਼ਾਮਲ ਹੈ। ਉਨ੍ਹਾਂ ਪਿੰਡ ਦੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਅਤੇ ਹਰ ਸਾਲ ਸਰਕਾਰੀ ਸਮਾਗਮ ਕਰਵਾਉਣ ਦਾ ਐਲਾਨ ਵੀ ਕੀਤਾ।
ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ਲਈ ਆਮ ਆਦਮੀ ਪਾਰਟੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੋਲ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੈਸਾ ਨਹੀਂ, ਪਰ ਇਸ਼ਤਿਹਾਰਾਂ ’ਤੇ ਹਜ਼ਾਰਾਂ ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ।
ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਨੌਕਰੀ ਛੱਡ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹਾਲੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਸਾਬਕਾ ਵਿਧਾਇਕ ਐੱਸਆਰ ਕਲੇਰ ਸਮੇਤ ਕਈ ਆਗੂ ਹਾਜ਼ਰ ਸਨ।