- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਿਤ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੇ ਜਾਣ ਦੀ ਘਟਨਾ ਨੇ ਮੰਗਲਵਾਰ ਨੂੰ ਸ਼ਹਿਰ ਵਿੱਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ। ਘਟਨਾ ਤੋਂ ਨਾਰਾਜ਼ ਵੱਖ-ਵੱਖ ਜਥੇਬੰਦੀਆਂ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਮੰਨਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਜਲੰਧਰ ਬਾਈਪਾਸ ’ਤੇ ਇਕੱਠੇ ਹੋਏ ਅਤੇ ਕਥਿਤ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਲਗਾ ਦਿੱਤਾ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਿਤ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੇ ਜਾਣ ਦੀ ਘਟਨਾ ਨੇ ਮੰਗਲਵਾਰ ਨੂੰ ਸ਼ਹਿਰ ਵਿੱਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ। ਘਟਨਾ ਤੋਂ ਨਾਰਾਜ਼ ਵੱਖ-ਵੱਖ ਜਥੇਬੰਦੀਆਂ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਮੰਨਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਜਲੰਧਰ ਬਾਈਪਾਸ ’ਤੇ ਇਕੱਠੇ ਹੋਏ ਅਤੇ ਕਥਿਤ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਲਗਾ ਦਿੱਤਾ। ਧਰਨੇ ਕਾਰਨ ਕੌਮੀ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਣ ਨਾਲ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਇਸ ਦੌਰਾਨ ਧਰਨਕਾਰੀਆਂ ਨੇ ਬੁੱਧਵਾਰ ਨੂੰ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਹੈ। ਬੰਦ ਸਵੇਰੇ 10 ਤੋਂ ਸ਼ਾਮ ਚਾਰ ਵਜੇ ਤੱਕ ਰਹੇਗਾ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਲਾਗੂ ਰਹਿਣਗੀਆਂ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਨਾਲ ਛੇੜਛਾੜ ਦੀ ਘਟਨਾ ਨੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
ਧਰਨਾਕਾਰੀਆਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਮੌਕੇ ਦੇ ਆਲੇ-ਦੁਆਲੇ ਲੱਗੇ ਨਿਗਰਾਨੀ ਕੈਮਰਿਆਂ ਦੀਆਂ ਤਸਵੀਰਾਂ ਅਤੇ ਹੋਰ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨੂੰ ਸਿਰਫ਼ ਆਮ ਮਾਮਲਾ ਸਮਝ ਕੇ ਨਹੀਂ ਛੱਡਿਆ ਜਾ ਸਕਦਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਧਰਨੇ ਕਾਰਨ ਜਲੰਧਰ ਬਾਈਪਾਸ ਕੌਮੀ ਮਾਰਗ ’ਤੇ ਆਵਾਜਾਈ ਦੀ ਰਫ਼ਤਾਰ ਥੰਮ ਗਈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦੂਰ ਤੱਕ ਦਿਖਾਈ ਦਿੱਤੀਆਂ। ਰਾਹਗੀਰਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ’ਤੇ ਪੁਲਿਸ ਮੁਲਾਜ਼ਮਾਂ ਨੇ ਪਹੁੰਚ ਕੇ ਸਥਿਤੀ ’ਤੇ ਨਜ਼ਰ ਰੱਖੀ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪ੍ਰਬੰਧ ਕੀਤੇ।
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਕਰਕੇ ਮਾਮਲੇ ਵਿੱਚ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣਾ ਰੋਸ ਜਾਰੀ ਰੱਖਣਗੇ।