- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਥੋਕ ਤੇ ਪਰਚੂਨ ਦਵਾਈ ਵਿਕਰੇਤਾਵਾਂ ਨੇ ਅੱਜ ਤੋਂ ਨਾਰਕੋਟਿਕਸ ਤੇ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐੱਸ ਚਾਵਲਾ ਨੇ ਦੱਸਿਆ ਕਿ ਸੂਬੇ ਦੇ ਕਰੀਬ 27 ਹਜ਼ਾਰ ਕੈਮਿਸਟਾਂ ਨੂੰ ਇਨ੍ਹਾਂ ਦਵਾਈਆਂ ਦਾ ਸਟਾਕ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਦੇ ਥੋਕ ਤੇ ਪਰਚੂਨ ਦਵਾਈ ਵਿਕਰੇਤਾਵਾਂ ਨੇ ਅੱਜ ਤੋਂ ਨਾਰਕੋਟਿਕਸ ਤੇ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐੱਸ ਚਾਵਲਾ ਨੇ ਦੱਸਿਆ ਕਿ ਸੂਬੇ ਦੇ ਕਰੀਬ 27 ਹਜ਼ਾਰ ਕੈਮਿਸਟਾਂ ਨੂੰ ਇਨ੍ਹਾਂ ਦਵਾਈਆਂ ਦਾ ਸਟਾਕ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਰਚੂਨ ਵਿਕਰੇਤਾ ਦਵਾਈਆਂ ਥੋਕ ਵਿਕਰੇਤਾਵਾਂ ਨੂੰ, ਜਦਕਿ ਥੋਕ ਵਿਕਰੇਤਾ ਕੰਪਨੀਆਂ ਨੂੰ ਸਟਾਕ ਵਾਪਸ ਕਰਨਗੇ। ਇਸ ਲਈ 25 ਅਕਤੂਬਰ ਤੱਕ ਸਟਾਕ ਨਿਪਟਾਉਣ ਲਈ ਕਿਹਾ ਗਿਆ ਹੈ।
ਆਗੂਆਂ ਮੁਤਾਬਕ ਨਸ਼ਿਆਂ ਦੀ ਰੋਕਥਾਮ ਦੀ ਆੜ ਵਿੱਚ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਦੀਆਂ ਦੁਕਾਨਾਂ ’ਤੇ ਅਚਾਨਕ ਛਾਪੇਮਾਰੀ ਕਰਨ ਅਤੇ ਉਨ੍ਹਾਂ ਨੂੰ ਸੀਲ ਕਰਨ ਕਾਰਨ ਕੈਮਿਸਟਾਂ ਵਿੱਚ ਰੋਸ ਹੈ। ਇਸੇ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਵੱਲੋਂ ਅਗਲੀ ਰਣਨੀਤੀ ਤੈਅ ਕਰਨ ਲਈ ਔਨਲਾਈਨ ਮੀਟਿੰਗ ਵੀ ਕੀਤੀ ਜਾ ਰਹੀ ਹੈ। ਫ਼ੈਸਲੇ ਬਾਰੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਸਰਬੱਤ ਦਾ ਭਲਾ ਟਰੱਸਟ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਐਸੋਸੀਏਸ਼ਨ ਨੂੰ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਇਨ੍ਹਾਂ ਦਵਾਈਆਂ ਦੀ ਲੋੜ ਹੁੰਦੀ ਹੈ। ਦਵਾਈਆਂ ਨਾ ਮਿਲਣ ਕਾਰਨ ਮਰੀਜ਼ਾਂ ਨੂੰ ਸਰੀਰਕ ਤੇ ਮਾਨਸਿਕ ਤਕਲੀਫ਼ ਝੱਲਣੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਮਿਸਟਾਂ ਨੂੰ ਨਸ਼ੇ ਵਜੋਂ ਦਵਾਈਆਂ ਦੀ ਵਿਕਰੀ ਰੋਕਣੀ ਚਾਹੀਦੀ ਹੈ, ਪਰ ਲੋੜਵੰਦ ਮਰੀਜ਼ਾਂ ਦੀ ਦਵਾਈ ਤੱਕ ਪਹੁੰਚ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।