- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਏਯੂ ਦੇ ਸਟਨ ਹਾਊਸ ਵਿਚ ਨਗਰ ਨਿਗਮ ਕਰਮਚਾਰੀਆਂ ਦੀ ਸੰਘਰਸ਼ ਕਮੇਟੀ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦਰਮਿਆਨ ਮੀਟਿੰਗਾਂ ਦਾ ਦੌਰ ਦੇਰ ਸ਼ਾਮ ਤੱਕ ਚੱਲਦਾ ਰਿਹਾ। ਦੇਰ ਸ਼ਾਮ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੁਆਉਣ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਵਾਪਸ ਲੈ ਲਈ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੀਏਯੂ ਦੇ ਸਟਨ ਹਾਊਸ ਵਿਚ ਨਗਰ ਨਿਗਮ ਕਰਮਚਾਰੀਆਂ ਦੀ ਸੰਘਰਸ਼ ਕਮੇਟੀ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦਰਮਿਆਨ ਮੀਟਿੰਗਾਂ ਦਾ ਦੌਰ ਦੇਰ ਸ਼ਾਮ ਤੱਕ ਚੱਲਦਾ ਰਿਹਾ। ਦੇਰ ਸ਼ਾਮ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੁਆਉਣ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਵਾਪਸ ਲੈ ਲਈ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਲੋਕ ਹਿੱਤ ਵਿਚ ਸਫ਼ਾਈ ਸੇਵਕਾਂ ਨੇ ਜੋ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ, ਉਸ ਲਈ ਉਹ ਧੰਨਵਾਦੀ ਹਨ। ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲਿਸ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਕਾਰਨ ਹੜਤਾਲ ਕੀਤੀ ਗਈ ਸੀ। ਹੜਤਾਲ ਵਾਪਸ ਹੋਣ ਤੋਂ ਤੁਰੰਤ ਬਾਅਦ ਨਗਰ ਨਿਗਮ ਲੁਧਿਆਣਾ ਨੇ ਸ਼ਹਿਰ ਵਿੱਚੋਂ ਤੁਰੰਤ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਤੇ ਸਾਰੀਆਂ ਮੁੱਖ ਸੜਕਾਂ ਨੂੰ ਕੂੜਾ ਮੁਕਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਇਸ ਦੌਰਾਨ ਬੈਂਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਉਂਦੇ ਵਿਧਾਨ ਸਭਾ ਇਜਲਾਸ ਦੌਰਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਥਾਈ ਹੱਲ ਕੱਢਿਆ ਜਾਵੇਗਾ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਜਾਂ ਫਿਰ ਤਨਖਾਹਾਂ ਵਿਚ ਵਾਧਾ ਕੀਤਾ ਜਾਵੇਗਾ। ਬਰਨਾਲਾ ਕਾਂਡ ਦੀ ਨਿੰਦਾ ਕਰਦਿਆਂ ਮੰਤਰੀ ਨੇ ਦੱਸਿਆ ਕਿ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਵੀਡੀਓਜ਼ ਰਾਹੀਂ ਮੁਲਜ਼ਮਾਂ ਦੀ ਪਛਾਣ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰ ਦਿੱਤੀ ਗਈ ਹੈ ਅਤੇ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
ਦੂਸਰੇ ਪਾਸੇ ਵਾਲਮੀਕਿ ਭਾਈਚਾਰੇ ਦੇ ਆਗੂ ਨਰੇਸ਼ ਧੀਂਗਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ ਹੜਤਾਲ ਸਮਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਅਗਲੀ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਆਦਿ ਹਾਜ਼ਰ ਸਨ।