ਵੈਟਰਨਰੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ
ਵੈਟਰਨਰੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Mon, 27 Apr 2026 06:13 PM (IST)
Updated Date: Mon, 27 Apr 2026 06:16 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਨਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਦੂਸਰੀਆਂ ਸੰਸਥਾਵਾਂ ਤੋਂ ਵੀ ਆਏ। ਭਾਈ ਅੱਛਰ ਸਿੰਘ ਖਾਲਸਾ ਅਤੇ ਭਾਈ ਜਰਨੈਲ ਸਿੰਘ ਦੇ ਰਾਗੀ ਜੱਥਿਆਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸਾਰਾ ਸਮਾਗਮ ਅਧਿਆਤਮ, ਸੇਵਾ, ਭਾਈਚਾਰਕ ਸਾਂਝ ਅਤੇ ਰੂਹਾਨੀਅਤ ਨੂੰ ਸਮਰਪਿਤ ਸੀ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸਦੀਵੀ ਗਿਆਨ ਸਾਨੂੰ ਹਮੇਸ਼ਾ ਮਨੁੱਖਤਾ ਦੇ ਭਲੇ ਅਤੇ ਸਚਿਆਰ ਜੀਵਨ ਜੀਣ ਲਈ ਪ੍ਰੇਰਦਾ ਹੈ। ਡਾ. ਰਾਬਿੰਦਰ ਸਿੰਘ ਔਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਸਾਂਝੀ ਸੇਵਾ ਸੀ ਜਿਸ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੈਟਰਨਰੀ ਇਕਾਈ ਦੇ ਯਤਨ ਅਧੀਨ ਸਾਰੀਆਂ ਸੰਗਤਾਂ ਨੇ ‘ਤਨ ਮਨ ਅਤੇ ਧਨ’ ਨਾਲ ਪੂਰਨ ਯੋਗਦਾਨ ਪਾਇਆ। ਜ਼ਿਕਰਯੋਗ ਹੈ ਕਿ ਵੈਟਰਨਰੀ ਯੂਨੀਵਸਿਟੀ ਦਾ ਨਾਂ ਦੂਸਰੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਦੇ ਨਾਮ ’ਤੇ ਰੱਖਿਆ ਗਿਆ ਸੀ ਜੋ ਕਿ ਖੁਦ ਵੀ ਪਸ਼ੂਆਂ ਦੀ ਸੇਵਾ ਸੰਭਾਲ ਨੂੰ ਸਮਰਪਿਤ ਸਨ। ਯੂਨੀਵਰਸਿਟੀ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲ ਕੇ ਇਸ ਉਦੇਸ਼ ਨੂੰ ਅੱਗੇ ਵਧਾ ਰਹੀ ਹੈ।