ਬੰਗਾਲ, ਆਸਾਮ ਪੁਡੁਚੇਰੀ 'ਚ ਭਾਜਪਾ ਨੇ ਮਾਰੀ ਬਾਜੀ, ਹੁਣ ਪੰਜਾਬ ਦੀ ਵਾਰੀ- ਭਾਜਪਾਈ

- ਚੋਣ ਨਤੀਜਿਆਂ ਨੇ ਭਾਜਪਾ ਵਰਕਰਾਂ ’ਚ ਭਰਿਆ ਨਵਾਂ ਜੋਸ਼, ਹੁਣ ਪੰਜਾਬ ’ਚ ਅਲਖ ਜਗਾਉਣ ਦਾ ਸਮਾਂ ਸ਼ੁਰੂ : ਧੀਮਾਨ
---
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ
ਲੁਧਿਆਣਾ : ਦੇਸ਼ ਦੇ ਪੰਜ ਸੂਬਿਆਂ ਪੱਛਮ ਬੰਗਾਲ, ਆਸਾਮ, ਕੇਰਲ, ਤਾਮਿਲਨਾਡੂ ਅਤੇ ਪੁਡੁਚੇਰੀ ਵਿੱਚ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਨੇ ਪੰਜਾਬ ਭਾਜਪਾ ਦੇ ਨੇਤਾਵਾਂ ਦੇ ਚਿਹਰਿਆਂ ਤੇ ਰੋਣਕ ਲੈ ਆਂਦੀ ਹੈ। ਅੱਜ ਆਏ ਨਤੀਜਿਆਂ ਵਿੱਚ ਭਾਜਪਾ ਨੇ ਪੱਛਮੀ ਬੰਗਾਲ, ਆਸਾਮ ਅਤੇ ਪੁਡੁਚੇਰੀ ਵਿੱਚ ਇਤਿਹਾਸ ਜਿੱਤ ਦਰਜ ਕੀਤੀ ਜਿਸ ਨਾਲ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਵਿੱਚ ਜਿੱਤ ਦੀ ਖੁਸ਼ੀ ਮਨਾਉਦੇ ਹੋਏ ਲੱਡੂ ਵੰਡ, ਢੋਲ ਬਜਾ, ਖੁਸ਼ੀ ਵਿੱਚ ਭੰਗੜੇ ਪਾਏ।
ਭਾਜਪਾ ਨੇਤਾਵਾਂ ਨੇ ਕਿਹਾ ਕਿ ਅੱਜ ਪੱਛਮੀ ਬੰਗਾਲ, ਆਸਾਮ ਅਤੇ ਪੁਡੁਚੇਰੀ ਦੇ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਭਰ ਵਿੱਚ ਭਾਜਪਾ ਦੀ ਵੱਧ ਰਹੀ ਲੋਕਪ੍ਰਿਯਤਾ ਅਤੇ ਅਗਾਂਹ ਵਧੂ ਸੋਚ ‘ਤੇ ਮੋਹਰ ਲਗਾਈ ਹੈ ਜਿਸ ਨਾਲ ਹੁਣ ਪੰਜਾਬ ਵਿੱਚ ਵੀ ਘਰ-ਘਰ ਤੱਕ ਪਾਰਟੀ ਦੀ ਵਿਚਾਰਧਾਰਾ ਪਹੁੰਚਾਉਣ ਦਾ ਸਮਾਂ ਆ ਗਿਆ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਤਿੰਨ ਸੂਬਿਆਂ ਦੇ ਜੇਤੂ ਨਤੀਜੇ ਸਾਬਤ ਕਰਦੇ ਹਨ ਕਿ ਦੇਸ਼ ਦੇ ਲੋਕ ਭਾਜਪਾ ਦੀਆਂ ਨੀਤੀਆਂ ‘ਤੇ ਭਰੋਸਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਭਾਜਪਾ ਦੇ ਨੇਤਾਵਾਂ ਤੇ ਵਰਕਰਾਂ ਵੱਲੋਂ ਹਰ ਘਰ ਤੱਕ ਪਹੁੰਚ ਬਣਾਈ ਜਾ ਰਹੀ ਹੈ।
ਭਾਜਪਾ ਪੰਜਾਬ ਵਿਉਪਾਰ ਸੈੱਲ ਦੇ ਪ੍ਰਧਾਨ ਦਿਨੇਸ਼ ਸਰਪਾਲ ਨੇ ਕਿਹਾ ਕਿ ਵਪਾਰੀ ਵਰਗ ਵੀ ਭਾਜਪਾ ਦੀਆਂ ਨੀਤੀਆਂ ਤੋਂ ਸੰਤੁਸ਼ਟ ਹੈ ਅਤੇ ਪੰਜਾਬ ਵਿੱਚ ਉਦਯੋਗ ਤੇ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਭਾਜਪਾ ਹੀ ਵਿਕਲਪ ਹੈ। ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਭਾਜਪਾ ਨੂੰ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਲਗਾਤਾਰ ਜਨ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਮਿਲਦਾ ਰਹੇਗਾ। ਭਾਜਪਾ ਪੰਜਾਬ ਦੇ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇਸ਼ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਅਤੇ ਦੇਸ਼ ਵਾਸੀਆਂ ਨੂੰ ਆਤਮ ਨਿਰਭਰ ਕਰਨ ਲਈ ਕੰਮ ਕਰ ਰਹੀ ਹੈ ਜਿਸ ਦਾ ਅਸਰ ਭਾਜਪਾ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਨੂੰ ਨਸ਼ਾ ਅਤੇ ਭੈਅ ਮੁਕਤ ਕਰਨ ਲਈ ਆਪਣਾ ਵਿਜਨ ਲੈਕੇ ਲੋਕਾਂ ਵਿੱਚ ਜਾਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਵੀ ਕਮਲ ਖਿਲੇਗਾ। ਭਾਜਪਾ ਦੇ ਸਾਬਕਾ ਜਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਭਾਜਪਾ ਦੀ ਸਰਕਾਰ ਦੀ ਲੋੜ ਹੈ ਅਤੇ ਇਸ ਲਈ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣਗੇ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਨੌਜਵਾਨ ਵਰਗ ਵਿੱਚ ਭਾਜਪਾ ਲਈ ਵੱਡਾ ਉਤਸ਼ਾਹ ਹੈ ਅਤੇ ਇਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਫਾਇਦੇਮੰਦ ਸਾਬਤ ਹੋਵੇਗਾ। ਭਾਜਪਾ ਦੇ ਸੀਨੀਅਰ ਆਗੂ ਨਿਰਮਲ ਸਿੰਘ ਐੱਸਐੱਸ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਸਾਫ ਅਤੇ ਲੋਕ-ਹਿੱਤ ਵਿੱਚ ਹਨ, ਜਿਸ ਨਾਲ ਲੋਕਾਂ ਦਾ ਭਰੋਸਾ ਵੱਧ ਰਿਹਾ ਹੈ। ਜਿਸ ਦੀ ਤਾਜਾ ਮਿਸਾਲ ਭਾਜਪਾ ਦੀ ਪੱਛਮੀ ਬੰਗਾਲ, ਆਸਾਮ ਅਤੇ ਪੁਡੁਚੇਰੀ ਦੀ ਇਤਿਹਾਸਿਕ ਜਿੱਤ ਹੈ। ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਸ਼ੀਨੂ ਚੁੱਘ ਨੇ ਕਿਹਾ ਕਿ ਮਹਿਲਾਵਾਂ ਵਿੱਚ ਵੀ ਭਾਜਪਾ ਲਈ ਵੱਡਾ ਸਮਰਥਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਬੰਗਾਲ, ਆਸਾਮ, ਪੁਡੁਚੇਰੀ 'ਚ ਬਾਜੀ ਮਾਰੀ ਹੈ, ਹੁਣ ਪੰਜਾਬ ਦੀ ਵਾਰੀ ਹੈ। ਭਾਜਪਾ ਨੇਤਰੀ ਰਾਸ਼ੀ ਹੇਮਰਾਜ ਅੱਗਰਵਾਲ ਨੇ ਕਿਹਾ ਕਿ ਭਾਜਪਾ ਦੀ ਤਿੰਨ ਸੂਬਿਆਂ ਦੀ ਜਿੱਤ ਨਾਲ ਪਾਰਟੀ ਵਰਕਰ ਹੁਣ ਪੂਰੇ ਜੋਸ਼ ਨਾਲ ਮੈਦਾਨ ਵਿੱਚ ਉਤਰ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਬਾਰੇ ਜਾਣੂ ਕਰਵਾਉਣਗੇ। ਡਾ. ਸਤੀਸ਼ ਕੁਮਾਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਨੂੰ ਇੱਕ ਹੋਰ ਮਜ਼ਬੂਤ ਵਿਕਲਪ ਵਜੋਂ ਖੜ੍ਹਾ ਕਰਨ ਲਈ ਹਰ ਵਰਗ ਤੱਕ ਪਹੁੰਚ ਬਣਾਈ ਜਾਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਪਾਰਟੀ ਦੇ ਹੱਕ ਵਿੱਚ ਆਉਣ।