ਭਗਵੰਤ ਮਾਨ ਦੀਆਂ ਮਨਘੜਤ ਕਹਾਣੀਆਂ ਝੂਠ ਦਾ ਪੁਲਿੰਦਾ : ਸਰੀਨ
ਭਗਵੰਤ ਮਾਨ ਦੀਆਂ ਮਨਘੜਤ ਕਹਾਣੀਆਂ ਝੂਠ ਦਾ ਪੁਲਿੰਦਾ-ਅਨਿਲ ਸਰੀਨ
Publish Date: Sat, 27 Jun 2026 07:38 PM (IST)
Updated Date: Sun, 28 Jun 2026 04:07 AM (IST)

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ, ਅਕਾਲ ਤਖ਼ਤ ਸਾਹਿਬ ਦੀ ਜਾਂਚ ਰਿਪੋਰਟ ਦਾ ਹਵਾਲਾ ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਅਨਿਲ ਸਰੀਨ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ, ਦੁੱਗਰੀ ਰੋਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਏ ਦਿਨ ਕੀਤੀਆਂ ਜਾ ਰਹੀਆਂ ਪ੍ਰੈੱਸ ਕਾਨਫਰੰਸਾਂ ਨੂੰ ਝੂਠ ਦਾ ਪੁਲਿੰਦਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਸਪੱਸ਼ਟ ਕਰਨ ਕਿ ਜਿਸ ਵੀਡੀਓ ਨੂੰ ਉਹ ਕਦੇ ਡੀਪਫੇਕ, ਕਦੇ ਏਆਈ ਜਨਰੇਟਡ ਅਤੇ ਹੁਣ ਮਾਸਕ ਪਾ ਕੇ ਬਣਾਈ ਗਈ ਵੀਡੀਓ ਦੱਸ ਰਹੇ ਹਨ, ਉਸ ਬਾਰੇ ਪੰਜਾਬ ਦੇ ਲੋਕਾਂ ਨੂੰ ਅਸਲ ਸੱਚਾਈ ਕਿਉਂ ਨਹੀਂ ਦੱਸ ਰਹੇ। ਸਰੀਨ ਨੇ ਕਿਹਾ ਕਿ ਕਰੀਬ 8 ਮਹੀਨੇ ਪਹਿਲਾਂ ਜਦੋਂ ਇਸ ਵੀਡੀਓ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਨੇ ਇਸ ਨੂੰ ਫਰਜ਼ੀ ਵੀਡੀਓ ਦੱਸਦੇ ਹੋਏ ਜਾਂਚ ਕਰਵਾਉਣ ਦੀ ਗੱਲ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਜਾਂਚ ਤੋਂ ਬਾਅਦ ਸੱਚ ਸਾਹਮਣੇ ਆ ਗਿਆ, ਪਰ ਮੁੱਖ ਮੰਤਰੀ ਇਸ ਨੂੰ ਸਵੀਕਾਰ ਕਰਨ ਦੀ ਬਜਾਏ ਲਗਾਤਾਰ ਵੱਖ-ਵੱਖ ਦਲੀਲਾਂ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਦਾ ਉਸ ਵੀਡੀਓ ਨਾਲ ਕੋਈ ਸਬੰਧ ਨਹੀਂ ਹੈ ਤਾਂ ਫਿਰ ਉਹ ਇਸ ਮਾਮਲੇ ਨੂੰ ਲੈ ਕੇ ਵਾਰ-ਵਾਰ ਪ੍ਰੈੱਸ ਕਾਨਫਰੰਸਾਂ ਕਰ ਕੇ ਆਪਣਾ ਪੱਖ ਸਾਬਤ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਬਰਬਾਦ ਕਰ ਰਹੀ ਹੈ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਵਰਤੋਂ ਕਰਕੇ ਝੂਠੀਆਂ ਰਿਪੋਰਟਾਂ ਤਿਆਰ ਕਰਵਾ ਰਹੀ ਹੈ। ਸਰੀਨ ਨੇ ਕਿਹਾ ਕਿ ਸੱਚ ਨੂੰ ਲੰਬੇ ਸਮੇਂ ਤੱਕ ਛੁਪਾਇਆ ਨਹੀਂ ਜਾ ਸਕਦਾ। ਉਨ੍ਹਾਂ ਦੋਸ਼ ਲਗਾਇਆ ਕਿ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਰਹੀ ਸੀ, ਪਰ ਹੁਣ ਪੰਜਾਬ ਦੇ ਲੋਕ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸੱਚਾਈ ਨੂੰ ਸਮਝ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਮੁੱਖ ਮੰਤਰੀ ਤੋਂ ਨੈਤਿਕ ਆਧਾਰ ’ਤੇ ਤੁਰੰਤ ਅਸਤੀਫੇ ਦੀ ਮੰਗ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਥ ਵਿਰੋਧੀ, ਗੁਰੂ ਦਾ ਦੋਖੀ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਪੰਜਾਬ ਵਾਸੀ ਮੁੰਹ ਨਾ ਲਾਉਣ ਤੋਂ ਭਗਵੰਤ ਮਾਨ ਅਤੇ ਇਸ ਦੇ ਮੰਤਰੀਆਂ ਨੂੰ ਬੇਮੁੱਖ ਹੋਣ ਦੀ ਜਗ੍ਹਾ ਹੋਈ ਗਲਤੀ ਦੀ ਸਚਾਈ ਮੰਨ ਲੈਣੀ ਚਾਹੀਦੀ ਹੈ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜ਼ਿਲ੍ਹਾ ਜਨਰਲ ਸਕੱਤਰ ਯਸ਼ਪਾਲ ਜਨੋਤਰਾ, ਭਾਜਪਾ ਨੇਤਰੀ ਕਨਿਕਾ ਜਿੰਦਲ, ਡਾ. ਸਤੀਸ਼ ਕੁਮਾਰ ਅਤੇ ਸੁਰਿੰਦਰ ਕੌਸਲ ਵੀ ਹਾਜ਼ਰ ਸਨ।