- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਦੇ ਭਾਜਪਾ ਆਗੂਆਂ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਭਾਜਪਾ ਪੰਜਾਬ ਦੇ ਇੰਚਾਰਜ ਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਲੁਧਿਆਣਾ ਭਾਜਪਾ ਦੇ ਅਹੁਦੇਦਾਰਾਂ ਨੇ ਮੁਲਾਕਾਤ ਕਰਕੇ ਸੰਗਠਨਾਤਮਕ ਗਤੀਵਿਧੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲੀ, ਜ਼ਿਲ੍ਹਾ ਉਪ ਪ੍ਰਧਾਨ ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਪਾਰਟੀ ਦੀਆਂ ਸਰਗਰਮੀਆਂ, ਸੰਗਠਨ ਦੇ ਵਿਸਥਾਰ ਤੇ ਬੂਥ ਪੱਧਰ ’ਤੇ ਵਰਕਰਾਂ ਨੂੰ ਹੋਰ ਸਰਗਰਮ ਕਰਨ ਬਾਰੇ ਚਰਚਾ ਕੀਤੀ। ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਦਾ ਸੰਗਠਨ ਵਰਕਰਾਂ ਦੀ ਮਿਹਨਤ ਤੇ ਸਮਰਪਣ ਨਾਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਹਰ ਵਰਕਰ ਦਾ ਟੀਚਾ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਜਨ-ਭਲਾਈ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਭਵਿੱਖ ’ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਬਦਲ ਵਜੋਂ ਆਪਣੀ ਭੂਮਿਕਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਏਗੀ।