
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡੀਏ ਦੇ ਭੁਗਤਾਨ ਨੂੰ ਲੈ ਕੇ ਕਰਮਚਾਰੀਆਂ-ਪੈਨਸ਼ਨਰਾਂ ਦੀ ‘ਮਹਾ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਲੁਧਿਆਣਾ ਦਾ ਸਮਰਥਨ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ‘ਆਪ’ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਕਾਇਆ ਮਹਿੰਗਾਈ ਭੱਤੇ (ਡੀਏ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿੱਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਤੇ ਸਮੂਹਿਕ ਆਕਸਮਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ। ਮੋਦਗਿੱਲ ਨੇ ਕਿਹਾ ਕਿ ਬਕਾਇਆ ਡੀਏ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਕਿਸੇ ਵੀ ਤਰ੍ਹਾਂ ਦੇ ਬਹਾਨੇ ਜਾਂ ਪ੍ਰਸ਼ਾਸਨਿਕ ਅੜਚਨਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। ਇਸ ਮਾਮਲੇ ਵਿੱਚ ਨਿਆਂਪਾਲਿਕਾ ਵੀ ਆਪਣਾ ਸਪੱਸ਼ਟ ਰੁਖ ਸਾਹਮਣੇ ਰੱਖ ਚੁੱਕੀ ਹੈ ਅਤੇ ਸੂਬਾ ਸਰਕਾਰ ਨੂੰ ਲੰਬਿਤ ਡੀਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਲਗਾਤਾਰ ਅਣਦੇਖੀ ਕੀਤਾ ਜਾਣਾ ਬੇਹੱਦ ਦੁਖਦਾਈ ਹੈ। ਪੰਜਾਬ ਸਰਕਾਰ ਨੇ ਅਦਾਲਤ ਦੇ ਫੈਸਲੇ ਦੇ ਖ਼ਿਲਾਫ਼ ਅਪੀਲ ਵੀ ਕੀਤੀ ਸੀ, ਪਰ ਪਹਿਲੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ। ਇਸ ਦੇ ਬਾਵਜੂਦ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਨਾ ਕੀਤਾ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਸੁਰੱਖਿਆ, ਸਨਮਾਨ ਅਤੇ ਨਿਆਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਹੱਕ ਹੈ ਅਤੇ ਭਾਜਪਾ ਉਨ੍ਹਾਂ ਦੇ ਇਸ ਸੰਘਰਸ਼ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।