CP ਦਫ਼ਤਰ ਨੂੰ ਤਾਲਾ ਲਗਾਏਗੀ ਭਾਜਪਾ; ਰਜਨੀਸ਼ ਧੀਮਾਨ ਨੇ 'ਆਪ' ਦੀ ਕਾਰਵਾਈ ਨੂੰ ਦੱਸਿਆ ਲੋਕਤੰਤਰ ਦਾ ਘਾਣ
ਧੀਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸੀਨੀਅਰ ਆਗੂ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਪਿਛਲੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਸੀਬੀਆਈ ਵੱਲੋਂ ਕੀਤੀ ਗਈ ਰੇਡ ਦੇ ਵਿਰੋਧ ਵਿੱਚ ਆਪ ਵਰਕਰਾਂ ਨੇ ਭਾਜਪਾ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ।
Publish Date: Sun, 10 May 2026 03:14 PM (IST)
Updated Date: Sun, 10 May 2026 03:17 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਜ਼ਿਲ੍ਹਾ ਦਫਤਰ ਦੁੱਗਰੀ ਰੋਡ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ “ਗੁੰਡਾਗਰਦੀ ਦਾ ਨੰਗਾ ਨਾਚ” ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਕੱਲ੍ਹ 11 ਮਈ ਦਿਨ ਸੋਮਵਾਰ ਸਵੇਰੇ 11.30 ਵਜੇ ਸੀਪੀ ਦਫਤਰ ਨੂੰ ਤਾਲਾ ਲਗਾ ਕੇ ਰੋਸ ਮਾਰਚ ਅਤੇ ਧਰਨਾ ਦਿੱਤਾ ਜਾਵੇਗਾ।
ਧੀਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸੀਨੀਅਰ ਆਗੂ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਪਿਛਲੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਸੀਬੀਆਈ ਵੱਲੋਂ ਕੀਤੀ ਗਈ ਰੇਡ ਦੇ ਵਿਰੋਧ ਵਿੱਚ ਆਪ ਵਰਕਰਾਂ ਨੇ ਭਾਜਪਾ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ, ਪਰ ਆਪ ਵਰਕਰਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ ਅਧਿਕਾਰਾਂ ਦੀ ਰੱਖਿਆ ਨਹੀਂ, ਸਗੋਂ ਆਪਣੇ “ਪਾਪ ਲੁਕਾਉਣ ਦੀ ਕੋਸ਼ਿਸ਼” ਸੀ। ਧੀਮਾਨ ਨੇ ਦੋਸ਼ ਲਾਇਆ ਕਿ ਇਸ ਦੌਰਾਨ ਕੀਤੀ ਗਈ ਗੁੰਡਾਗਰਦੀ ਵਿੱਚ ਭਾਜਪਾ ਦੇ ਕਈ ਵਰਕਰ ਜਖਮੀ ਵੀ ਹੋਏ ਹਨ।
ਇਸ ਮੌਕੇ ਧੀਮਾਨ ਨਾਲ ਭਾਜਪਾ ਦੇ ਬੁਲਾਰੇ ਅਨਿਲ ਸਰੀਨ, ਜਤਿੰਦਰ ਮਿੱਤਲ, ਨਰਿੰਦਰ ਸਿੰਘ ਮੱਲ੍ਹੀ ਅਤੇ ਸੁਨੀਲ ਮੌਦਗਿੱਲ ਵੀ ਹਾਜ਼ਰ ਸਨ।