ਪੰਜਾਬ 'ਚ ਭਾਜਪਾ ਖੇਡੇਗੀ 'ਇਕੱਲਿਆਂ' ਦਾਅ! ਨਿਤਿਨ ਨਬੀਨ ਵੱਲੋਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਦਾ ਵੱਡਾ ਐਲਾਨ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਸੂਬੇ ਵਿੱਚ ਬਦਲਾਅ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਲਾਇਨ ਵਰਗੀਆਂ ਸਮੱਸਿਆਵਾਂ ਕਾਰਨ ਪੰਜਾਬ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ।
Publish Date: Tue, 23 Jun 2026 09:46 AM (IST)
Updated Date: Tue, 23 Jun 2026 09:47 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ - ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਸੂਬੇ ਵਿੱਚ ਬਦਲਾਅ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਲਾਇਨ ਵਰਗੀਆਂ ਸਮੱਸਿਆਵਾਂ ਕਾਰਨ ਪੰਜਾਬ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ।
ਲੁਧਿਆਣਾ ਵਿੱਚ ਪਾਰਟੀ ਦੇ ਸੂਬਾ ਆਹੁਦੇਦਾਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਨੌਜਵਾਨ ਵਰਗ ਨਾਲ ਮੀਟਿੰਗ ਦੌਰਾਨ ਨਬੀਨ ਨੇ ਕਿਹਾ ਕਿ ਪੰਜਾਬ ਦਾ ਉਦਯੋਗਿਕ ਅਤੇ ਰਾਜਨੀਤਿਕ ਢਾਂਚਾ ਮੁੜ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ, ਰੋਜ਼ਗਾਰ ਦੇ ਮੌਕੇ, ਕਿਸਾਨੀ ਖੇਤਰ ਦੀ ਮਜ਼ਬੂਤੀ ਅਤੇ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਮੁਹਿੰਮ ਸਮੇਂ ਦੀ ਮੁੱਖ ਲੋੜ ਹੈ।
ਪੱਛਮੀ ਬੰਗਾਲ ਦੀ ਤਰ੍ਹਾਂ ਪੰਜਾਬ ਵਿੱਚ ਵੀ ਪਾਰਟੀ ਮਜ਼ਬੂਤ ਕਰਨ ਦਾ ਸੱਦਾ
ਨਿਤਿਨ ਨਬੀਨ ਨੇ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਨੇ ਮਿਹਨਤ ਨਾਲ ਪਾਰਟੀ ਨੂੰ ਮਜ਼ਬੂਤ ਕੀਤਾ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵਰਕਰਾਂ ਨੂੰ ਘਰ-ਘਰ ਤੱਕ ਪਾਰਟੀ ਦੀ ਸੋਚ ਪਹੁੰਚਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।
117 ਸੀਟਾਂ ’ਤੇ ਆਪਣੇ ਬਲਬੂਤੇ ’ਤੇ ਚੋਣ ਲੜੇਗੀ ਭਾਜਪਾ
ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਨਬੀਨ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਹਰ ਵਰਕਰ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ‘ਡਬਲ ਇੰਜਣ’ ਸਰਕਾਰ ਲਈ ਮਾਹੌਲ ਬਣੇਗਾ।
ਪੰਜਾਬ ਕਈ ਮੋਰਚਿਆਂ ’ਤੇ ਚੁਣੌਤੀਆਂ ਨਾਲ ਘਿਰਿਆ: ਨਬੀਨ
ਨਿਤਿਨ ਨਬੀਨ ਨੇ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ, ਵਧਦਾ ਗੈਂਗਸਟਰਵਾਦ, ਨਸ਼ਿਆਂ ਦਾ ਪ੍ਰਕੋਪ ਅਤੇ ਰੋਜ਼ਗਾਰ ਦੇ ਘਟਦੇ ਮੌਕੇ ਪੰਜਾਬ ਲਈ ਵੱਡੀ ਚਿੰਤਾ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮਜ਼ਬੂਤ ਇਰਾਦੇ ਅਤੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਨਰਿੰਦਰ ਰੈਣਾ ਵੀ ਹਾਜ਼ਰ ਸਨ।