ਪੁਲਿਸ ਦੇ ਸਖ਼ਤ ਪਹਿਰੇ ਦੇ ਬਾਵਜੂਦ ਭਾਜਪਾ ਵਰਕਰਾਂ ਨੇ ਤੋੜੇ ਬੈਰੀਕੇਡ, ਹੋਈ ਤਿੱਖੀ ਧੱਕਾਮੁੱਕੀ, ਮਾਹੌਲ ਤਣਾਅਪੂਰਨ
ਭਾਜਪਾ ਵੱਲੋਂ ‘ਆਪ’ ਦੇ ਆਗੂਆਂ ਅਤੇ ਵਰਕਰਾਂ ਦੀ ਸ਼ਰੇਆਮ ਗੁੰਡਾਗਰਦੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦੇ ਵਿਰੋਧ ਵਿੱਚ ਅੱਜ ਡੀ.ਸੀ. ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸੀ.ਪੀ. ਦਫਤਰ ਨੂੰ ਤਾਲਾ ਲਗਾਉਣ ਲਈ ਕੂਚ ਕੀਤਾ।
Publish Date: Mon, 11 May 2026 02:58 PM (IST)
Updated Date: Mon, 11 May 2026 03:05 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ। ਭਾਜਪਾ ਵੱਲੋਂ ‘ਆਪ’ ਦੇ ਆਗੂਆਂ ਅਤੇ ਵਰਕਰਾਂ ਦੀ ਸ਼ਰੇਆਮ ਗੁੰਡਾਗਰਦੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦੇ ਵਿਰੋਧ ਵਿੱਚ ਅੱਜ ਡੀ.ਸੀ. ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸੀ.ਪੀ. ਦਫਤਰ ਨੂੰ ਤਾਲਾ ਲਗਾਉਣ ਲਈ ਕੂਚ ਕੀਤਾ।
ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੀ.ਪੀ. ਦਫਤਰ ਦੇ ਬਾਹਰ ਫਿਰੋਜ਼ਪੁਰ ਰੋਡ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਦੇ ਹੋਏ ਬੈਰੀਕੇਡ ਲਗਾਏ ਗਏ ਸਨ। ਪਰ ਰੋਹ ਵਿੱਚ ਭਰੇ ਭਾਜਪਾਈਆਂ ਨੇ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮੌਕੇ ’ਤੇ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਪੁਲਿਸ ਤੇ ਭਾਜਪਾ ਵਰਕਰਾਂ ਵਿਚਾਲੇ ਧੱਕਾਮੁੱਕੀ ਵੀ ਹੋਈ।
ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ‘ਆਪ’ ਆਗੂਆਂ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਵਧ ਰਿਹਾ ਹੈ। ਭਾਜਪਾ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੌਕੇ ’ਤੇ ਪੁਲਿਸ ਅਧਿਕਾਰੀਆਂ ਨੇ ਭਾਜਪਾ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਪੁਲਿਸ ਵੱਲੋਂ ਸੂਝਬੂਝ ਨਾਲ ਮਾਹੌਲ ਨੂੰ ਸ਼ਾਂਤ ਕਰਵਾਉਣ ਤੋਂ ਬਾਅਦ ਭਾਜਪਾ ਆਗੂ ਅਤੇ ਵਰਕਰ ਵਾਪਸ ਮੁੜ ਗਏ।