- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਕਿਯੂ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਲੁਧਿਆਣਾ ਦਾ ਘਿਰਾਓ

-16 ਦਿਨਾਂ ਦੇ ਧਰਨੇ ਤੋਂ ਬਾਅਦ ਵੀ ਮੰਗਾਂ ’ਤੇ ਗੱਲਬਾਤ ਨਾ ਹੋਣ ਦਾ ਦੋਸ਼
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਲਗਾਤਾਰ 16 ਦਿਨ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਪਰ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਨਹੀਂ ਕੀਤੀ ਗਈ। ਇਸ ਤੋਂ ਰੋਸ ਵਜੋਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਸਾਰੇ ਗੇਟ ਬੰਦ ਕਰ ਦਿੱਤੇ।
ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰ ਅਤੇ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਮਾਮਲੇ ਨੂੰ ਟਾਲ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਕਥਿਤ ਕਾਰਪੋਰੇਟ ਪੱਖੀ ਨੀਤੀਆਂ ਦਾ ਸਭ ਤੋਂ ਵੱਧ ਪ੍ਰਭਾਵ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ’ਤੇ ਪੈ ਰਿਹਾ ਹੈ।
ਯੂਨੀਅਨ ਆਗੂਆਂ ਨੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ, ਡੇਅਰੀ ਫਾਰਮਾਂ, ਛੋਟੇ ਉਦਯੋਗਾਂ ਅਤੇ ਪਰਚੂਨ ਕਾਰੋਬਾਰ ’ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਮੁਕਤ ਵਪਾਰ ਸਮਝੌਤਾ ਰੱਦ ਕਰਨ, ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ, ਪਰਾਲੀ ਸਾੜਨ ਨਾਲ ਸਬੰਧਤ ਕੇਸ ਰੱਦ ਕਰਨ, ਬਿਜਲੀ ਬਿੱਲ ਅਤੇ ਬੀਜ ਬਿੱਲ ਰੱਦ ਕਰਨ ਅਤੇ ਮਨਰੇਗਾ ਸਕੀਮ ਨੂੰ ਜਾਰੀ ਰੱਖਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਲਈ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਲਈ ਡੀਏਪੀ ਖਾਦ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਧਰਨੇ ਨੂੰ ਮਨੋਹਰ ਸਿੰਘ ਕਲਾਹੜ, ਬਲਵੰਤ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਤੇ ਸਕੱਤਰ ਅਤੇ ਮਜ਼ਦੂਰ ਆਗੂ ਹਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।