ਕਿਸਾਨ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ ’ਚ ਪਾਉਣ ਬਣਦਾ ਯੋਗਦਾਨ : ਡਾ. ਗਗਨਦੀਪ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ
Publish Date: Sun, 01 Nov 2026 06:42 PM (IST)
Updated Date: Mon, 02 Nov 2026 04:02 AM (IST)
ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ, ਸਮਰਾਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਸਮਰਾਲਾ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਅੱਜ ਸੀ.ਆਰ.ਐੱਮ. (3 ) ਸਕੀਮ ਦੇ ਆਈ.ਈ.ਸੀ. (9, 5, 3) ਕੰਪੋਨੈਂਟ ਅਧੀਨ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਗੁਰਦੀਪ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਗੌਰਵ ਧੀਰ, ਬਲਾਕ ਖੇਤੀਬਾੜੀ ਅਫਸਰ, ਸਮਰਾਲਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਅਤੇ ਇਸ ਸਬੰਧੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਡਾ. ਗਗਨਦੀਪ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ। ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਸਮਝਾਇਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਅਤੇ ਜ਼ਮੀਨ ਦੀ ਕੁਦਰਤੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਧੂੰਏਂ ਕਾਰਨ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖਾਂ ਤੇ ਪਸ਼ੂਆਂ ਦੀ ਸਿਹਤ ਲਈ ਵੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸੇ ਲੜੀ ਤਹਿਤ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਸਮੇਂ ਸਿਰ ਲੋੜੀਂਦੀ ਜਾਣਕਾਰੀ ਅਤੇ ਪ੍ਰਕਿਰਿਆ ਪੂਰੀ ਕਰਨ ਬਾਰੇ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਫਾਰਮਰ ਆਈ.ਡੀ. (6 94) ਬਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਆਪਣੀ ਫਾਰਮਰ ਆਈ.ਡੀ. ਬਣਵਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਫਾਰਮਰ ਆਈ.ਡੀ. ਕਿਸਾਨਾਂ ਦੀ ਪਛਾਣ ਅਤੇ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਸੇਵਾਵਾਂ ਤੇ ਸਕੀਮਾਂ ਤੱਕ ਪਹੁੰਚ ਨੂੰ ਸੁਖਾਲਾ ਬਣਾਉਣ ਵਿੱਚ ਸਹਾਇਕ ਹੋਵੇਗੀ। ਕੈਂਪ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਜਾਂਦੀ ਤਕਨੀਕੀ ਸਲਾਹ ਨੂੰ ਅਪਣਾਉਣ ਤੇ ਆਪਣੇ ਆਲੇ-ਦੁਆਲੇ ਦੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ। ਵਿਭਾਗ ਵੱਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾਉਣ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਤਕਨੀਕੀ ਮਾਰਗਦਰਸ਼ਨ ਲਗਾਤਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨਾ, ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਣਾ, ਵਾਤਾਵਰਣ ਦੀ ਸੰਭਾਲ ਕਰਨਾ ਅਤੇ ਕਿਸਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਨਾਲ ਜੋੜਨਾ ਸੀ।