ਕਮਰੇ ’ਚੋਂ ਲਟਕਦੀ ਮਿਲੀ ਨੌਜਵਾਨ ਦੀ ਲਾਸ਼
ਕਮਰੇ ਚੋਂ ਲਟਕਦੀ ਮਿਲੀ ਨੌਜਵਾਨ ਦੀ ਲਾਸ਼
Publish Date: Tue, 13 Jan 2026 08:59 PM (IST)
Updated Date: Wed, 14 Jan 2026 04:13 AM (IST)

ਪੁਲਿਸ ਕਰ ਰਹੀ ਹੈ ਮਾਮਲੇ ਦੀ ਪੜਤਾਲ ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਪੁਰਾਣੀ ਕਚਿਹਰੀ ਦੇ ਲਾਗੇ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਉਥੋਂ ਦੇ ਇੱਕ ਘਰ ਦੇ ਕਮਰੇ ’ਚੋਂ ਨੌਜਵਾਨ ਦੀ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਮਿਲਦੇ ਹੀ ਖਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਡਵੀਜ਼ਨ-8 ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਨੇ ਕਮਰੇ ’ਚ ਫਾਹ ਲਾ ਲਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਮਰੇ ਨੂੰ ਸੀਲ ਕਰ ਦਿੱਤਾ ਤੇ ਜ਼ਰੂਰੀ ਸਬੂਤ ਇਕੱਠੇ ਕੀਤੇ। ਇਸ ਦੇ ਨਾਲ ਹੀ ਆਸ-ਪਾਸ ਦੇ ਲੋਕਾਂ ਨਾਲ ਪੁੱਛਗਿੱਛ ਵੀ ਕੀਤੀ ਗਈ। ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਦੀ ਪਛਾਣ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਬਾਰੇ ਪਤਾ ਲਾਉਣ ਲਈ ਯਤਨ ਜਾਰੀ ਹਨ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ ਤਾਂ ਜੋ ਪਛਾਣ ਹੋਣ ਉਪਰੰਤ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ’ਚ ਮਾਮਲਾ ਆਤਮ-ਹੱਤਿਆ ਦਾ ਲੱਗ ਰਿਹਾ ਹੈ ਪਰ ਹਰ ਪੱਖ ਨੂੰ ਧਿਆਨ ’ਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨ ਦੀ ਪੁਸ਼ਟੀ ਹੋ ਸਕੇਗੀ। ਰਿਪੋਰਟ ਦੇ ਆਧਾਰ ’ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਮ੍ਰਿਤਕ ਕਦੋਂ ਤੇ ਕਿਵੇਂ ਕਮਰੇ ’ਚ ਪਹੁੰਚਿਆ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਮ੍ਰਿਤਕ ਦੀ ਪਛਾਣ ਹੋਣ ’ਤੇ ਪਰਿਵਾਰ ਨੂੰ ਸੂਚਿਤ ਕੀਤਾ ਜਾਵੇਗਾ।