ਨਾ ਰਜਿਸਟਰੀ ਕਰਵਾਈ ਤੇ ਨਾ ਪੈਸੇ ਮੋੜੇ...ਲੁਧਿਆਣਾ 'ਚ ਜ਼ਮੀਨ ਦਾ ਸੌਦਾ ਕਰ ਕੇ ਕਾਰੋਬਾਰੀ ਤੋਂ ਠੱਗੇ 1.26 ਕਰੋੜ ਰੁਪਏ
14 ਅਕਤੂਬਰ 2026 ਨੂੰ ਮਿਲੀ ਇਸ ਸ਼ਿਕਾਇਤ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਡੂੰਘਾਈ ਨਾਲ ਪੜਤਾਲ ਕੀਤੀ ਅਤੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਚਰਨਜੀਤ ਸਿੰਘ ਉਰਫ਼ ਚੰਨੀ ਅਤੇ ਅੰਕੁਸ਼ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ। ਇਸ ਮਾਮਲੇ ਦੇ ਜਾਂਚ ਅਧਿਕਾਰੀ ਧਰਮਪਾਲ ਨੇ ਦੱਸਿਆ ਕਿ ਪੁਲਿਸ ਨੇ ਐੱਫਆਈਆਰ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Publish Date: Wed, 18 Nov 2026 01:42 PM (IST)
Updated Date: Wed, 18 Nov 2026 01:43 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ ਦੇ ਇਕ ਕਾਰੋਬਾਰੀ ਨਾਲ ਕੀਮਤੀ ਜ਼ਮੀਨ ਦਾ ਸੌਦਾ ਕਰ ਕੇ ਉਸ ਕੋਲੋਂ 1 ਕਰੋੜ 26 ਲੱਖ 42 ਹਜ਼ਾਰ ਰੁਪਏ ਹਾਸਲ ਕਰ ਲਏ ਗਏ। ਰਕਮ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਨਾ ਤਾਂ ਜ਼ਮੀਨ ਦੀ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਾਮਲੇ 'ਚ ਕਾਰੋਬਾਰੀ ਵੱਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਬੀਆਰਐੱਸ ਨਗਰ, ਲੁਧਿਆਣਾ ਵਾਸੀ ਅਮਰਜੋਤ ਸਿੰਘ ਦੀ ਸ਼ਿਕਾਇਤ 'ਤੇ ਸੁਭਾਨੀ ਬਿਲਡਿੰਗ, ਮੌਚਪੁਰਾ ਬਾਜ਼ਾਰ ਦੇ ਰਹਿਣ ਵਾਲੇ ਚਰਨਜੀਤ ਸਿੰਘ ਉਰਫ਼ ਚੰਨੀ ਅਤੇ ਅੰਕੁਸ਼ ਸ਼ਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ 'ਚ ਅਮਰਜੋਤ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਦੋਵਾਂ ਮੁਲਜ਼ਮਾਂ ਨੇ ਉਸ ਨਾਲ ਇਕ ਕੀਮਤੀ ਜ਼ਮੀਨ ਦਾ ਸੌਦਾ ਕੀਤਾ ਸੀ। ਜਾਇਦਾਦ ਵੇਚਣ ਦਾ ਝਾਂਸਾ ਦੇ ਕੇ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਕੋਲੋਂ 1 ਕਰੋੜ 26 ਲੱਖ 42 ਹਜ਼ਾਰ ਰੁਪਏ ਹਾਸਲ ਕਰ ਲਏ। ਪੈਸੇ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾ ਕੇ ਨਹੀਂ ਦਿੱਤੀ। ਕਈ ਵਾਰ ਕਹਿਣ ਦੇ ਬਾਵਜੂਦ ਦੋਵਾਂ ਨੇ ਸ਼ਿਕਾਇਤਕਰਤਾ ਦੀ ਰਕਮ ਵੀ ਵਾਪਸ ਨਹੀਂ ਕੀਤੀ। ਇਸ ਸਬੰਧੀ ਕਾਰੋਬਾਰੀ ਅਮਰਜੋਤ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਉਸ ਨਾਲ ਧੋਖਾਧੜੀ ਕਰਨ ਦੇ ਨਾਲ-ਨਾਲ ਅਮਾਨਤ 'ਚ ਖ਼ਿਆਨਤ ਵੀ ਕੀਤੀ ਹੈ।