- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119 ਵੇਂ ਜਨਮ ਦਿਵਸ ਮੌਕੇ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿੱਚ ਜਸ਼ਨ-ਏ-ਇਨਕਲਾਬ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਇੱਕ ਵਿਚਾਰ ਤੇ ਇਨਕਲਾਬ ਦਾ ਨਾਮ ਹਨ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119 ਵੇਂ ਜਨਮ ਦਿਵਸ ਮੌਕੇ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿੱਚ ਜਸ਼ਨ-ਏ-ਇਨਕਲਾਬ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਇੱਕ ਵਿਚਾਰ ਤੇ ਇਨਕਲਾਬ ਦਾ ਨਾਮ ਹਨ। ਉਨ੍ਹਾਂ ਕਿਹਾ ਕਿ ਭਗਤ ਸਿੰਘ ਅੱਜ ਵੀ ਨੌਜਵਾਨਾਂ ਦੇ ਦਿਲਾਂ ਵਿੱਚ ਵੱਸਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇ ਕੇ ਹੀ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣਾ ਟੀਚਾ ਮਿੱਥਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਦੇ ਨਾਲ-ਨਾਲ ਆਜ਼ਾਦ ਭਾਰਤ ਦੇ ਭਵਿੱਖ ਬਾਰੇ ਵੀ ਸੋਚਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਸੋਚ ਦਾ ਕੇਂਦਰ ਚੰਗੀ ਸਿੱਖਿਆ, ਇਮਾਨਦਾਰ ਪ੍ਰਸ਼ਾਸਨ, ਸੱਚਾਈ ਅਤੇ ਬਰਾਬਰੀ ਵਾਲਾ ਸਮਾਜ ਸੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੱਤਾ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਨੇ ਦੇਸ਼ ਨੂੰ ਆਪਣਾ ਮਹਿਬੂਬ ਬਣਾਉਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸੇ ਲਈ ਅੱਜ ਵੀ ਉਨ੍ਹਾਂ ਦੇ ਨਾਮ ’ਤੇ ਮੇਲੇ ਲੱਗਦੇ ਹਨ ਅਤੇ ਨੌਜਵਾਨ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦੇ ਹਨ। ਉਨ੍ਹਾਂ ਕਿਹਾ ਕਿ ਸੈਂਕੜੇ ਸਾਲ ਬਾਅਦ ਵੀ ਭਗਤ ਸਿੰਘ ਨੌਜਵਾਨਾਂ ਦੇ ਦਿਲਾਂ ਵਿੱਚ 23 ਸਾਲ ਦੀ ਉਮਰ ਵਿੱਚ ਹੀ ਜਿਉਂਦੇ ਰਹਿਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਬਹੁਤ ਸਾਰੇ ਵਿਦਿਆਰਥੀ ਆਮ ਤੇ ਮਿਹਨਤਕਸ਼ ਪਰਿਵਾਰਾਂ ਨਾਲ ਸਬੰਧਤ ਹਨ। ਕਿਸੇ ਦਾ ਮਾਤਾ-ਪਿਤਾ ਮਜ਼ਦੂਰੀ ਕਰਦਾ ਹੈ ਤੇ ਕਿਸੇ ਦਾ ਪਰਿਵਾਰ ਖੇਤੀ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਅਤੇ ਉਨ੍ਹਾਂ ਨੂੰ ਯੋਗਤਾ ਮੁਤਾਬਕ ਰੁਜ਼ਗਾਰ ਦੇ ਮੌਕੇ ਦੇਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਨੂੰ ਸਿਰਫ਼ ਜਨਮ ਦਿਵਸ ਜਾਂ ਸ਼ਹੀਦੀ ਦਿਵਸ ਮੌਕੇ ਯਾਦ ਕਰਨਾ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਚਾਹੁੰਦੇ ਸਨ ਕਿ ਦੇਸ਼ ਦੇ ਨੌਜਵਾਨ ਪੜ੍ਹੇ-ਲਿਖੇ, ਜਾਗਰੂਕ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ। ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦ ਕਦੇ ਮਰਦੇ ਨਹੀਂ, ਉਹ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਜਿਉਂਦੇ ਰਹਿੰਦੇ ਹਨ। ਉਨ੍ਹਾਂ ਨੇ ਮੰਚ ਤੋਂ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਵੀ ਲਗਵਾਏ।
ਸਮਾਗਮ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਰਣਜੀਤ ਬਾਵਾ, ਪਰੀ ਪੰਧੇਰ, ਬਸੰਤ ਕੌਰ ਨੇ ਜਿੱਥੇ ਆਪਣੀ ਗੀਤਾਂ ਦੀ ਪੇਸ਼ਕਾਰੀ ਦਿੱਤੀ, ਉੱਥੇ ਹੀ ਨਾਟਕ ਗਗਨ ਦਮਾਮਾ ਬਾਜਿਓ ਦਾ ਮੰਚਨ ਕੀਤਾ ਗਿਆ। ਢਾਡੀ ਸਿੰਘਾਂ ਨੇ ਵੀ ਵੀਰਾਂ ਗਾਈਆਂ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆਂ ਵੀ ਹਾਜ਼ਰ ਸਨ।
ਸਿੱਖਿਆ ਦੇ ਖੇਤਰ ਵਿੱਚ ਵੱਡੇ ਬਦਲਾਅ ਦਾ ਦਾਅਵਾ
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਮਾਰਟ ਕਲਾਸ ਰੂਮ, ਲੈਬਾਰਟਰੀਆਂ ਤੇ ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਅਨੁਸਾਰ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਕੀਤੀ ਗਈ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਗਿਆ। ਮਾਨ ਨੇ ਦਾਅਵਾ ਕੀਤਾ ਕਿ 2021 ਵਿੱਚ ਸਕੂਲ ਸਿੱਖਿਆ ਦੇ ਮਾਮਲੇ ਵਿੱਚ ਪੰਜਾਬ 28 ਸੂਬਿਆਂ ਵਿੱਚ 27ਵੇਂ ਸਥਾਨ ’ਤੇ ਸੀ, ਜਦਕਿ ਹੁਣ ਕੇਂਦਰ ਸਰਕਾਰ ਦੀ ਰੈਂਕਿੰਗ ਵਿੱਚ ਪੰਜਾਬ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਦੇ ਦਰਵਾਜ਼ੇ ਵੀ ਖੁੱਲ੍ਹੇ ਹਨ। ਉਨ੍ਹਾਂ ਦੱਸਿਆ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਸੀ, ਜਦਕਿ ਹਾਲੀਆ ਨਤੀਜੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੇ ਨੀਟ ਪਾਸ ਕਰਨ ਦਾ ਦਾਅਵਾ ਕੀਤਾ।
70,892 ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ 70,892 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਵਿੱਚ ਰਿਸ਼ਵਤਖੋਰੀ ਨੂੰ ਥਾਂ ਨਹੀਂ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਦੌੜ ਵਿੱਚ ਵੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇੱਥੇ ਹੀ ਸਿੱਖਿਆ, ਰੁਜ਼ਗਾਰ ਅਤੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਹਾਲੇ ਬਹੁਤ ਕੰਮ ਕਰਨਾ ਬਾਕੀ ਹੈ ਅਤੇ ਇਸ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ।
ਸਿਹਤ ਸਹੂਲਤਾਂ ਤੇ ਬਿਜਲੀ ਬਾਰੇ ਵੀ ਗਿਣਾਈਆਂ ਪ੍ਰਾਪਤੀਆਂ
ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਰੀਬ 1100 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇੱਥੋਂ ਮੁਫ਼ਤ ਇਲਾਜ ਅਤੇ ਟੈਸਟਾਂ ਦੀ ਸਹੂਲਤ ਲੈ ਰਹੇ ਹਨ। ਉਨ੍ਹਾਂ ਸਿਹਤ ਸਹੂਲਤਾਂ ਨੂੰ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਅਤੇ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਸਪਲਾਈ ਦੇਣ ਲਈ ਵੀ ਸਰਕਾਰ ਵੱਲੋਂ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਖੇਤਰ ਵਿੱਚ ਬੁਨਿਆਦੀ ਢਾਂਚਾ ਪਹਿਲਾਂ ਵਰਗਾ ਹੀ ਹੈ, ਪਰ ਨੀਅਤ ਅਤੇ ਪ੍ਰਬੰਧਨ ਵਿੱਚ ਬਦਲਾਅ ਨਾਲ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।
ਪੰਜਾਬ ਦੇ ਹਿੱਤਾਂ ਲਈ ਕੇਂਦਰ ਨਾਲ ਲੜਨ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤ ਉਨ੍ਹਾਂ ਲਈ ਸਭ ਤੋਂ ਉੱਪਰ ਹਨ। ਉਨ੍ਹਾਂ ਕਿਹਾ ਕਿ ਪਾਣੀਆਂ ਸਮੇਤ ਸੂਬੇ ਨਾਲ ਸਬੰਧਤ ਮਾਮਲਿਆਂ ’ਤੇ ਉਹ ਕੇਂਦਰ ਸਰਕਾਰ ਨਾਲ ਵੀ ਪੰਜਾਬ ਦੇ ਹੱਕ ਲਈ ਆਵਾਜ਼ ਉਠਾਉਂਦੇ ਰਹਿਣਗੇ। ਉਨ੍ਹਾਂ ਐੱਸਵਾਈਐੱਲ, ਬੀਬੀਐੱਮਬੀ ਅਤੇ ਭਾਖੜਾ ਨਾਲ ਸਬੰਧਤ ਮੁੱਦਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਫਾਈਲ ’ਤੇ ਦਸਤਖ਼ਤ ਕਰਨ ਤੋਂ ਪਹਿਲਾਂ ਇਹ ਦੇਖਿਆ ਜਾਂਦਾ ਹੈ ਕਿ ਉਸ ਨਾਲ ਆਮ ਲੋਕਾਂ ਦਾ ਕੋਈ ਨੁਕਸਾਨ ਤਾਂ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਪੰਜਾਬ ਦੇ ਲੋਕਾਂ ਦਾ ਭਲਾ ਹੋਣਾ ਚਾਹੀਦਾ ਹੈ।