ਲੁਧਿਆਣਾ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਲਹਿਰਾਇਆ ਤਿਰੰਗਾ

ਲੁਧਿਆਣਾ ਨੂੰ ਦੱਸਿਆ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਹੱਡੀ, ਗਣਤੰਤਰ ਦਿਵਸ ਸਮਾਰੋਹ ਦੌਰਾਨ ਪੰਜਾਬ ਸਰਕਾਰ ਦੀਆਂ ਗਿਣਾਈਆਂ ਉਪਲਬਧੀਆਂ
ਆਜ਼ਾਦੀ ਘੁਲਾਟੀਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦਾ ਕੀਤਾ ਸਨਮਾਨ
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : 77ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਾਲ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਅਤੇ ਬਾਅਦ ਵਿੱਚ ਲੁਧਿਆਣਾ ਵਾਸੀਆਂ ਦੇ ਨਾਮ ਸੰਦੇਸ਼ ਦਿੰਦਿਆਂ 77ਵੇੇਂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਇਸ ਦੌਰਾਨ ਕੈਬਨਿਟ ਮੰਤਰੀ ਈਟੀਓ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਪੰਜਾਬ ਸਰਕਾਰ ਦੀਆਂ 4 ਸਾਲ ਦੀਆਂ ਗਿਣਾਈਆਂ ਉਪਲਬਧੀਆਂ
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 4 ਸਾਲਾਂ ਦੌਰਾਨ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਾਲ 2022-23 ਦੌਰਾਨ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐੱਮਐੱਸਐੱਮਈ) ਦੀ 2.98 ਲੱਖ ਰਜਿਸਟਰੇਸ਼ਨ ਨਾਲ ਉੱਤਰੀ ਭਾਰਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਹਲਵਾਰਾ ਏਅਰਪੋਰਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਲਦ ਫਲਾਈਟਾਂ ਸ਼ੁਰੂ ਹੋਣਗੀਆਂ, ਜਿਸ ਨਾਲ ਲੁਧਿਆਣਾ ਵਾਸੀਆਂ ਖਾਸ ਕਰਕੇ ਕਾਰੋਬਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੀਏਯੂ ਕਿਸਾਨਾਂ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ, ਕਿਉਂਕਿ ਇਸ ਦੇ ਮਾਰਗ ਦਰਸ਼ਨ ਨਾਲ ਸਾਡੇ ਮਿਹਨਤਕਸ਼ ਕਿਸਾਨਾਂ ਨੇ ਭਾਰਤ ਨੂੰ ਅਨਾਜ ਪੱਖੋਂ ਸਵੈ-ਨਿਰਭਰ ਮੁਲਕ ਬਣਾਇਆ। ਇਸ ਯੂਨੀਵਰਸਿਟੀ ਨੇ ਪੰਜਾਬ ਨੂੰ ਫੂਡ ਬਾਊਲ ਆਫ਼ ਇੰਡੀਆ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ।
ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ, ਈਜੀ ਰਜ਼ਿਸਟਰੀ, 10 ਲੱਖ ਤੱਕ ਮੁਫਤ ਇਲਾਜ, ਕੌਰਤਾਂ ਲਈ ਮੁਫਤ ਬੱਸ ਸਫਰ, 300 ਯੂਨਿਟ ਤੱਕ ਬਿਜਲੀ ਦੇ ਬਿੱਲ ਮਾਫ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈਟੀਆਈਜ਼ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕੀਤੀ, 356 ਹਾਈਟੈੱਕ ਐਂਬੂਲੈਂਸਾਂ ਲੋਕਾਂ ਨੂੰ ਸਮਰਪਿਤ ਕੀਤੀਆਂ, 63,000 ਹਾਜ਼ਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਸੂਬੇ ਨੂੰ ਖੁਸ਼ਹਾਲ ਬਣਾਕੇ ਰੰਗਲਾ ਪੰਜਾਬ ਵਿੱਚ ਬਦਲਣ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।
ਲੁਧਿਆਣਾ ਦੀ ਧਰਤੀ ’ਤੇ ਪੈਦਾ ਹੋਏ ਸੂਰਬੀਰ ਯੋਧੇ
ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਧਰਤੀ ਤੇ ਜਿਥੇ ਸ਼ਹੀਦ ਸੁਖਦੇਵ ਥਾਪਰ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਅਨੇਕਾਂ ਦੇਸ਼ ਭਗਤ ਪੈਦਾ ਹੋਏ ਹਨ, ਉਥੇ ਹੀ ਪਰਮ ਵਸ਼ਿਸ਼ਟ ਸੇਵਾ ਮੈਡਲ ਜੇਤੂ ਨਿਰਮਲਜੀਤ ਸਿੰਘ ਸੇਖੋਂ ਵਰਗੇ ਹਵਾਈ ਸੈਨਾ ਦੇ ਯੋਧੇ ਵੀ ਇਸੇ ਧਰਤੀ ਪੈਦਾ ਤੇ ਪੈਦਾ ਹੋਏ ਹਨ, ਇਸ ਲਈ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਅੱਜ ਮੈਂਨੂੰ ਗਣਤੰਤਰ ਦਿਵਸ ਮੌਕੇ ਇਸ ਧਰਤੀ ਨੂੰ ਸਿਜਦਾ ਕਰਨ ਦਾ ਮੌਕਾ ਮਿਲਿਆ। ਲੁਧਿਆਣਾ ਨੇ ਦੇਸ਼ ਦੀ ਅੰਨ ਭੰਡਾਰ ਜ਼ਰੂਰਤਾਂ ਅਤੇ ਉਦਯੋਗਿਕ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਦਾ ਪੰਜਾਬ ਦੇ ਅਰਥਚਾਰੇ ਵਿੱਚ ਬਹੁਤ ਵੱਡਾ ਯੋਗਦਾਨ ਹੈ। ਮਾਨ ਸਰਕਾਰ ਨੇ 'ਸਰਕਾਰ-ਸਨਅਤਕਾਰ ਮਿਲਣੀ' ਦੇ ਜਰੀਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਮੁਤਾਬਕ ਉਦਯੋਗ ਨੀਤੀ ਵਿੱਚ ਸੁਧਾਰ ਕੀਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਬੁੱਢੇ ਦਰਿਆ ਦੀ ਸਮੱਸਿਆ ਤੋਂ ਜਲਦ ਰਾਹਤ ਮਿਲੇਗੀ।
ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ ਕੀਤੀ 1 ਕਰੋੜ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸਾਡੀ ਸਰਕਾਰ ਨੇ ਸੂਬੇ ਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।
ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕੀਤੀ।
ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 45 ਹਜ਼ਾਰ 137 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਬੰਦ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਾਲ ਨਾਲ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਹਰਸ਼ਪ੍ਰੀਤ ਸਿੰਘ ਪੀਪੀਐਸ ਦੀ ਅਗਵਾਈ ਹੇਠ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਐਨਸੀਸੀ ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਟੁਕੜੀਆਂ ਵੱਲੋਂ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਮਾਰਚ ਪਾਸਟ ਤੋਂ ਬਾਅਦ 25 ਸਕੂਲਾਂ ਦੇ 810 ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ਼ਮੀਤ ਸਿੰਘ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ।
ਮੁੱਖ ਮਹਿਮਾਨ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਟਰਾਈਸਾਈਕਲ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਪਰੇਡ ਵਿੱਚ ਭਾਗ ਲੈਣ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਲਈ ਕਈ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ, 'ਆਪ' ਦੇ ਸੀਨੀਅਰ ਆਗੂ ਐਨਐਸ ਕੰਗ, ਸਪੈਸ਼ਲ ਡੀਜੀਪੀ ਐਸ ਐਸ ਸ੍ਰੀਵਾਸਤਵਾ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ, ਪੀਏਯੂ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਪਾਇਲ ਗੋਇਲ, ਸਹਾਇਕ ਕਮਿਸ਼ਨਰ (ਯੂਟੀ) ਡਾ. ਪ੍ਰਗਤੀ ਵਰਮਾ, ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲਰ ਅਤੇ ਉਪ ਮੰਡਲ ਮੈਜਿਸਟਰੇਟ ਡਾ. ਪੂਨਮਪ੍ਰੀਤ ਕੌਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਸਨ।