- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਸੌਂਦ ਨੇ ਕੀਤੀ ਸ਼ਿਰਕਤ

-ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਨਤਾ ਤੇ ਮਨੁੱਖਤਾ ਦਾ ਦਿਖਾਉਂਦੀਆਂ ਨੇ ਮਾਰਗ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।
ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਪੂਰੇ ਸਮਾਗਮ ਦੌਰਾਨ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਪੰਜਾਬ ਸਰਕਾਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਵੀ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੌਂਦ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੇ ਮਾਨਵ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵੱਲੋਂ ਰਚਿਆ ਗਿਆ ਰਾਮਾਇਣ ਦਾ ਮਹਾਨ ਗ੍ਰੰਥ ਭਾਰਤੀ ਸੱਭਿਆਚਾਰ, ਮਰਿਆਦਾ, ਨੈਤਿਕਤਾ ਅਤੇ ਆਦਰਸ਼ ਜੀਵਨ ਕਦਰਾਂ-ਕੀਮਤਾਂ ਦਾ ਅਨਮੋਲ ਖ਼ਜ਼ਾਨਾ ਹੈ।
ਭਗਵਾਨ ਵਾਲਮੀਕਿ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਸਮਾਜ ਨੂੰ ਸਦਾਚਾਰ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਪੂਰੀ ਤਰ੍ਹਾਂ ਪ੍ਰਾਸੰਗਿਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਮਾਤਾ ਚਿੰਤਾਪੂਰਨੀ ਮੰਦਰ ਦੇ ਪੰਡਤ ਮਹਾਂਵੀਰ ਕਾਲੀਆ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੈ ਦਾਨਵ, ਓਐੱਸਡੀ ਕਰੁਣ ਅਰੋੜਾ, ਵਿਕਾਸ ਅਗਰਵਾਲ, ਲਵਲੇਸ਼ ਅਰੋੜਾ, ਪੀਏ ਮਹੇਸ਼ ਕੁਮਾਰ, ਆਮ ਆਦਮੀ ਪਾਰਟੀ ਦੇ ਯੂਥ ਆਗੂ ਕਰਨ ਵਰਮਾ ਸਮੇਤ ਹੋਰ ਪਾਰਟੀ ਵਰਕਰ, ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।