ਪੰਡਿਤ ਕੁਲਚਿਆਂ ਵਾਲੇ ਦੇ ਪੁੱਤਰ ਰਾਹੁਲ ਸ਼ਰਮਾ ਦੀ ਮੌਤ ਦਾ ਮਾਮਲਾ, ਪੁਲਿਸ ਨੇ 8 ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਕੇਸ
ਰਾਹੁਲ ਦੇ ਦੋਸਤ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਹਸਪਤਾਲ ਲੈ ਕੇ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਮੁਤਾਬਕ, ਮਾਮਲੇ ਵਿੱਚ ਰਾਹੁਲ ਸ਼ਰਮਾ ਦੇ ਜੀਜਾ ਦੇ ਬਿਆਨਾਂ ਦੇ ਆਧਾਰ ’ਤੇ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ’ਚ ਅਖਿਲ ਜੋਸ਼ੀ, ਪਰਮਰਾਜ, ਗਗਨਦੀਪ ਸਮੇਤ ਹੋਰ ਵਿਅਕਤੀਆਂ ਦੇ ਨਾਮ ਸ਼ਾਮਲ ਹਨ।
Publish Date: Thu, 22 Oct 2026 01:04 PM (IST)
Updated Date: Thu, 22 Oct 2026 01:16 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਲੱਗਣ ਕਾਰਨ ਪੰਡਿਤ ਕੁਲਚਿਆਂ ਵਾਲੇ ਦੇ ਬੇਟੇ ਰਾਹੁਲ ਸ਼ਰਮਾ ਦੀ ਮੌਤ ਦੇ ਮਾਮਲੇ ’ਚ ਪੁਲਿਸ ਦਾ ਪੱਖ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਆਲਮ ਵਿਜੇ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਇਹ ਘਟਨਾ ਲਲਤੋਂ ਚੌਕੀ ਦੇ ਅਧੀਨ ਆਉਂਦੇ ਸਦਰ ਥਾਣਾ ਖੇਤਰ ’ਚ ਵਾਪਰੀ। ਉਨ੍ਹਾਂ ਦੱਸਿਆ ਕਿ ਦੇਰ ਰਾਤ ਪੁਲਿਸ ਕੰਟਰੋਲ ਰੂਮ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਲਲਤੋਂ ਚੌਕੀ ਦੀ ਪੁਲਿਸ ਮੌਕੇ ਵੱਲ ਰਵਾਨਾ ਹੋਈ।
ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਇੱਕ ਘਰ ਵਿੱਚ 8-10 ਨੌਜਵਾਨ ਜਨਮ ਦਿਨ ਦੀ ਪਾਰਟੀ ਕਰ ਰਹੇ ਸਨ। ਇਸ ਦੌਰਾਨ ਨੌਜਵਾਨਾਂ ਵਿਚਕਾਰ ਤਕਰਾਰ ਹੋ ਗਈ ਅਤੇ ਗੋਲੀ ਚੱਲਣ ਕਾਰਨ ਰਾਹੁਲ ਸ਼ਰਮਾ ਜ਼ਖ਼ਮੀ ਹੋ ਗਿਆ।
ਰਾਹੁਲ ਦੇ ਦੋਸਤ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਹਸਪਤਾਲ ਲੈ ਕੇ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਮੁਤਾਬਕ ਮਾਮਲੇ ਵਿੱਚ ਰਾਹੁਲ ਸ਼ਰਮਾ ਦੇ ਜੀਜਾ ਦੇ ਬਿਆਨਾਂ ਦੇ ਆਧਾਰ ’ਤੇ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ’ਚ ਅਖਿਲ ਜੋਸ਼ੀ, ਪਰਮਰਾਜ, ਗਗਨਦੀਪ ਸਮੇਤ ਹੋਰ ਵਿਅਕਤੀਆਂ ਦੇ ਨਾਮ ਸ਼ਾਮਲ ਹਨ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਆਪਸੀ ਤਕਰਾਰ ਦੌਰਾਨ ਵਾਪਰੀ ਅਤੇ ਇਸ ਪਿੱਛੇ ਪਹਿਲਾਂ ਤੋਂ ਕਿਸੇ ਰੰਜਿਸ਼ ਦੇ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਕਮਿਸ਼ਨਰ ਲੁਧਿਆਣਾ ਦੀ ਨਿਗਰਾਨੀ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਚਾਰ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਵਿੱਚ ਸੀਆਈਏ ਅਤੇ ਸਦਰ ਥਾਣੇ ਦੀਆਂ ਟੀਮਾਂ ਵੀ ਸ਼ਾਮਲ ਹਨ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਂਚ ਸਬੰਧੀ ਹੋਰ ਜਾਣਕਾਰੀ ਬਾਅਦ ’ਚ ਸਾਂਝੀ ਕੀਤੀ ਜਾਵੇਗੀ।