- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ, ਜਿੱਥੇ ਮਾਤਾ ਪਾਰਵਤੀ ਜੀ ਬਾਰੇ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਕਰਨ ਅਤੇ ਹਿੰਦੂ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਮਾਮਲੇ ਵਿੱਚ ਇੱਕ ਸਟੇਜ ਸ਼ੋਅ ਦੌਰਾਨ ਕੀਤੀ ਗਈ ਟਿੱਪਣੀ ਅਤੇ ਫੇਸਬੁੱਕ ’ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਆਧਾਰ ਬਣਾਇਆ ਗਿਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਧਰਮ ਅਤੇ ਆਸਥਾ ਕਰੋੜਾਂ ਲੋਕਾਂ ਦੇ ਵਿਸ਼ਵਾਸ ਨਾਲ ਜੁੜੇ ਅਜਿਹੇ ਸੰਵੇਦਨਸ਼ੀਲ ਵਿਸ਼ੇ ਹਨ, ਜਿਨ੍ਹਾਂ ਬਾਰੇ ਜਨਤਕ ਮੰਚਾਂ ’ਤੇ ਟਿੱਪਣੀ ਕਰਦਿਆਂ ਮਰਿਆਦਾ ਅਤੇ ਜ਼ਿੰਮੇਵਾਰੀ ਦੀ ਪਾਲਣਾ ਕਰਨੀ ਲਾਜ਼ਮੀ ਹੈ। ਪਰ ਸੋਸ਼ਲ ਮੀਡੀਆ ਦੇ ਦੌਰ ਵਿੱਚ ਧਾਰਮਿਕ ਸ਼ਖ਼ਸੀਅਤਾਂ ਅਤੇ ਦੇਵੀ-ਦੇਵਤਿਆਂ ਬਾਰੇ ਕੀਤੀਆਂ ਜਾਣ ਵਾਲੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਈ ਵਾਰ ਵੱਡੇ ਵਿਵਾਦ ਦਾ ਰੂਪ ਧਾਰ ਲੈਂਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ, ਜਿੱਥੇ ਮਾਤਾ ਪਾਰਵਤੀ ਜੀ ਬਾਰੇ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਕਰਨ ਅਤੇ ਹਿੰਦੂ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਮਾਮਲੇ ਵਿੱਚ ਇੱਕ ਸਟੇਜ ਸ਼ੋਅ ਦੌਰਾਨ ਕੀਤੀ ਗਈ ਟਿੱਪਣੀ ਅਤੇ ਫੇਸਬੁੱਕ ’ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਆਧਾਰ ਬਣਾਇਆ ਗਿਆ ਹੈ।
ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ
ਲੁਧਿਆਣਾ ਦੇ ਹੈਬੋਵਾਲ ਕਲਾਂ ਇਲਾਕੇ ਦੇ ਰਹਿਣ ਵਾਲੇ ਰਾਜੀਵ ਟੰਡਨ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਹਨ। ਉਨ੍ਹਾਂ ਵੱਲ ਦਿੱਤੀ ਗਈ ਦਰਖਾਸਤ ਦੀ ਪੜਤਾਲ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਿਸ ਨੇ ਇਹ ਮੁਕੱਦਮਾ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਅਨੁਸਾਰ ਸੋਸ਼ਲ ਮੀਡੀਆ ’ਤੇ ਇੱਕ ਸਟੇਜ ਸ਼ੋਅ ਦੀ ਵੀਡੀਓ ਦੇਖਣ ਨੂੰ ਮਿਲੀ, ਜਿਸ ਵਿੱਚ ਸਿੰਗਰ ਕਾਸ਼ੀਨਾਥ ਵੱਲੋਂ ਮਾਤਾ ਪਾਰਵਤੀ ਜੀ ਬਾਰੇ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ। ਦੋਸ਼ ਹੈ ਕਿ ਉਸ ਨੇ ਮਾਤਾ ਪਾਰਵਤੀ ਜੀ ਦੇ ਸਬੰਧ ਵਿੱਚ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ, ਜਿਨ੍ਹਾਂ ਨਾਲ ਹਿੰਦੂ ਧਰਮ ਵਿੱਚ ਵਿਸ਼ਵਾਸ ਰੱਖਣ ਵਾਲੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਕਿ ਉਕਤ ਵੀਡੀਓ ਸੋਸ਼ਲ ਮੀਡੀਆ ਦੇ ਹੋਰ ਮੰਚਾਂ ’ਤੇ ਵੀ ਸਾਂਝੀ ਕੀਤੀ ਗਈ।
ਇਸੇ ਸ਼ਿਕਾਇਤ ਵਿੱਚ ਪ੍ਰਤਾਪ ਸਿੰਘ ਨਾਂ ਦੇ ਵਿਅਕਤੀ ’ਤੇ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਸਾਂਝੀ ਕਰਨ ਦਾ ਦੋਸ਼ ਲਾਇਆ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਉਕਤ ਵਿਅਕਤੀ ਨੇ ਬਾਬਾ ਬੁੱਢਾ ਦਲ ਦੇ ਨਾਂ ਨਾਲ ਬਣੇ ਫੇਸਬੁੱਕ ਪੰਨੇ ’ਤੇ ਆਪਣੀ ਵੀਡੀਓ ਸਾਂਝੀ ਕਰਦਿਆਂ ਕਥਿਤ ਤੌਰ ’ਤੇ ਹਿੰਦੂ ਧਰਮ ਅਤੇ ਇਸ ਦੇ ਸ਼ਰਧਾਲੂਆਂ ਬਾਰੇ ਇਤਰਾਜ਼ਯੋਗ ਸ਼ਬਦ ਵਰਤੇ। ਇਸ ਤੋਂ ਇਲਾਵਾ 'ਅਕਾਲਗੜ੍ਹੀਆ' ਨਾਂ ਦੇ ਫੇਸਬੁੱਕ ਪੰਨੇ ’ਤੇ ਵੀ ਇਹ ਵੀਡੀਓ ਸਾਂਝੀ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਸੀ ਕਿ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਉਣ ਵਾਲੀਆਂ ਅਜਿਹੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਪੜਤਾਲ ਤੋਂ ਬਾਅਦ ਸਿੰਗਰ ਕਾਸ਼ੀਨਾਥ ਵਾਸੀ ਕੈਥਲ, ਹਰਿਆਣਾ ਅਤੇ ਪ੍ਰਤਾਪ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਤਹਿਤ ਮੁਕੱਦਮਾ ਨੰਬਰ 315 ਦਰਜ ਕਰ ਲਿਆ ਹੈ।
ਪੁਲਿਸ ਵੱਲੋਂ ਅਗਲੀ ਜਾਂਚ ਜਾਰੀ
ਥਾਣਾ ਹੈਬੋਵਾਲ ਦੀ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਬੰਧਤ ਵੀਡੀਓਜ਼, ਉਨ੍ਹਾਂ ਵਿੱਚ ਕੀਤੀਆਂ ਗਈਆਂ ਟਿੱਪਣੀਆਂ ਅਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਸਾਂਝਾ ਕਰਨ ਸਬੰਧੀ ਤੱਥਾਂ ਦੀ ਪੜਤਾਲ ਕੀਤੀ ਜਾਵੇਗੀ। ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।