ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਮਾੜਾ ਅਸਰ : ਪਵਾਰ ਕੇਂਦਰ ਸਰਕਾਰ ਦੀ ਟੀਮ ਵੱਲੋਂ ਸਮਰਾਲਾ ਬਲਾਕ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ
Publish Date: Mon, 19 Oct 2026 07:12 PM (IST)
Updated Date: Tue, 20 Oct 2026 04:01 AM (IST)
ਕੇਂਦਰ ਸਰਕਾਰ ਦੀ ਟੀਮ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਿਆ ਜਾਇਜ਼ਾ ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ, ਸਮਰਾਲਾ : ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਬਲਾਕ ਸਮਰਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਤੋਂ ਐਸ. ਜੀ. ਪਵਾਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਭਗਵਾਨ ਦੱਤ ਨਿਰਮਲ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਕੇਂਦਰੀ ਟੀਮ ਵੱਲੋਂ ਖੇਤਾਂ ’ਚ ਪਰਾਲੀ ਦੇ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਵੱਖ-ਵੱਖ ਤਕਨੀਕਾਂ, ਖੇਤੀ ਮਸ਼ੀਨਰੀ ਦੀ ਵਰਤੋਂ ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕੀਤਾ ਗਿਆ। ਟੀਮ ਨੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਲਈ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਪ੍ਰਬੰਧਨ ਦੀਆਂ ਵਾਤਾਵਰਣ ਅਤੇ ਖੇਤੀਬਾੜੀ ਨਾਲ ਸਬੰਧਤ ਮਹੱਤਤਾਵਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਿੱਟੀ ਦੇ ਲਾਭਕਾਰੀ ਜੀਵਾਣੂਆਂ ਅਤੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਖੇਤੀਬਾੜੀ ਵਿਭਾਗ, ਬਲਾਕ ਸਮਰਾਲਾ ਦੀ ਟੀਮ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਜਾਣਕਾਰੀ ਦੇਣ ਤੇ ਲੋੜੀਂਦੀ ਸਲਾਹ ਪ੍ਰਦਾਨ ਕਰਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤੇ ਵਾਤਾਵਰਣ-ਪੱਖੀ ਖੇਤੀ ਤਰੀਕਿਆਂ ਨੂੰ ਅਪਣਾ ਕੇ ਸਾਫ਼-ਸੁਥਰੇ ਵਾਤਾਵਰਣ ਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਸਹਿਯੋਗ ਦੇਣ। ਇਸ ਮੌਕੇ ਖੇਤੀਬਾੜੀ ਵਿਭਾਗ, ਸਮਰਾਲਾ ਵੱਲੋਂ ਖੇਤੀਬਾੜੀ ਵਿਕਾਸ ਅਫ਼ਸਰ ਹਿਮਾਂਸ਼ੂ ਅਗਰਵਾਲ, ਖੇਤੀਬਾੜੀ ਵਿਕਾਸ ਅਫ਼ਸਰ ਗਗਨਦੀਪ ਅਤੇ ਏ.ਐੱਸ.ਆਈ. ਤੇਜਿੰਦਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮਨਵਿੰਦਰ ਹੁੰਦਲ ਵੀ ਮੌਜੂਦ ਰਹੇ।