- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਖ਼ਿਲਾਫ਼ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣਨ ਲਈ ‘ਬਦਲਾਅ ਦਾ ਸੱਚ’ ਨਾਂ ਦਾ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਇਸ ਪੋਰਟਲ ਰਾਹੀਂ ਲੋਕ ਭ੍ਰਿਸ਼ਟਾਚਾਰ, ਨਸ਼ਾ ਤਸਕਰੀ, ਅਮਨ-ਕਾਨੂੰਨ ਦੀ ਸਥਿਤੀ, ਗੈਰਕਾਨੂੰਨੀ ਮਾਈਨਿੰਗ ਅਤੇ ਸਰਕਾਰੀ ਵਿਭਾਗਾਂ ਵਿੱਚ ਕਥਿਤ ਬੇਇਨਸਾਫ਼ੀ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਖ਼ਿਲਾਫ਼ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣਨ ਲਈ ‘ਬਦਲਾਅ ਦਾ ਸੱਚ’ ਨਾਂ ਦਾ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਇਸ ਪੋਰਟਲ ਰਾਹੀਂ ਲੋਕ ਭ੍ਰਿਸ਼ਟਾਚਾਰ, ਨਸ਼ਾ ਤਸਕਰੀ, ਅਮਨ-ਕਾਨੂੰਨ ਦੀ ਸਥਿਤੀ, ਗੈਰਕਾਨੂੰਨੀ ਮਾਈਨਿੰਗ ਅਤੇ ਸਰਕਾਰੀ ਵਿਭਾਗਾਂ ਵਿੱਚ ਕਥਿਤ ਬੇਇਨਸਾਫ਼ੀ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਚੰਨੀ ਨੇ ਕਿਹਾ ਕਿ ਲੋਕ ਆਪਣੀ ਸ਼ਿਕਾਇਤ ਲਿਖ ਕੇ ਜਾਂ ਬੋਲ ਕੇ ਵੀ ਪੋਰਟਲ ’ਤੇ ਦਰਜ ਕਰਵਾ ਸਕਦੇ ਹਨ।
ਚੰਨੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਕੋਲ ਪਹੁੰਚ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ, ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਗੈਂਗਸਟਰਵਾਦ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਆਪਣੀਆਂ ਸ਼ਿਕਾਇਤਾਂ ਦੱਸ ਰਹੇ ਹਨ। ਲੋਕ ਗੈਰਕਾਨੂੰਨੀ ਮਾਈਨਿੰਗ, ਤਹਿਸੀਲਾਂ ਅਤੇ ਥਾਣਿਆਂ ਵਿੱਚ ਕਥਿਤ ਲੁੱਟ, ਸਰਕਾਰੀ ਕੰਮਾਂ ਵਿੱਚ ਬੇਇਨਸਾਫ਼ੀ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵੀ ਆਪਣੀ ਗੱਲ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਭੀੜ ਜ਼ਿਆਦਾ ਹੋਣ ਕਾਰਨ ਹਰ ਵਿਅਕਤੀ ਤੱਕ ਪਹੁੰਚਣਾ ਅਤੇ ਉਸ ਦੀ ਸਮੱਸਿਆ ਸੁਣਨਾ ਸੰਭਵ ਨਹੀਂ ਹੋ ਰਿਹਾ ਸੀ। ਇਸ ਲਈ ਲੋਕਾਂ ਨੂੰ ਆਪਣੀ ਗੱਲ ਪਹੁੰਚਾਉਣ ਲਈ ਆਨਲਾਈਨ ਮੰਚ ਸ਼ੁਰੂ ਕੀਤਾ ਗਿਆ ਹੈ।
ਚੰਨੀ ਨੇ ਦੱਸਿਆ ਕਿ ‘ਬਦਲਾਅ ਦਾ ਸੱਚ’ ਪੋਰਟਲ ’ਤੇ ਪੰਜ ਮੁੱਖ ਵਿਕਲਪ ਦਿੱਤੇ ਗਏ ਹਨ। ਪਹਿਲੇ ਵਿਕਲਪ ਰਾਹੀਂ ਭ੍ਰਿਸ਼ਟਾਚਾਰ, ਦੂਜੇ ਰਾਹੀਂ ਨਸ਼ਿਆਂ ਦੀ ਤਸਕਰੀ, ਤੀਜੇ ਰਾਹੀਂ ਅਮਨ-ਕਾਨੂੰਨ ਦੀ ਮਾੜੀ ਸਥਿਤੀ, ਧਮਕੀਆਂ ਤੇ ਜਬਰੀ ਵਸੂਲੀ, ਚੌਥੇ ਰਾਹੀਂ ਗੈਰਕਾਨੂੰਨੀ ਮਾਈਨਿੰਗ ਅਤੇ ਪੰਜਵੇਂ ਵਿਕਲਪ ਰਾਹੀਂ ਕਿਸੇ ਵੀ ਸਰਕਾਰੀ ਵਿਭਾਗ ਦੀ ਕਥਿਤ ਦੁਰਵਰਤੋਂ ਜਾਂ ਬੇਇਨਸਾਫ਼ੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾ ਸਕੇਗੀ।ਉਨ੍ਹਾਂ ਕਿਹਾ ਕਿ ਲੋਕ ਆਪਣੇ ਇਲਾਕੇ ਦੀਆਂ ਸਮੱਸਿਆਵਾਂ, ਸਰਕਾਰੀ ਕੰਮਾਂ ਵਿੱਚ ਹੋ ਰਹੀ ਕਥਿਤ ਧੱਕੇਸ਼ਾਹੀ ਅਤੇ ਕਿਸੇ ਵੀ ਜਨਤਕ ਨੁਮਾਇੰਦੇ ਜਾਂ ਅਧਿਕਾਰੀ ਦੇ ਵਿਹਾਰ ਸਬੰਧੀ ਆਪਣੀ ਗੱਲ ਇਸ ਪੋਰਟਲ ’ਤੇ ਰੱਖ ਸਕਦੇ ਹਨ। ਇਸ ਵਿੱਚ ਸ਼ਿਕਾਇਤ ਲਿਖ ਕੇ ਭੇਜਣ ਦੇ ਨਾਲ-ਨਾਲ ਬੋਲ ਕੇ ਆਪਣੀ ਗੱਲ ਦਰਜ ਕਰਵਾਉਣ ਦਾ ਵਿਕਲਪ ਵੀ ਰੱਖਿਆ ਗਿਆ ਹੈ। ਇਸ ਮੌਕੇ ਭਾਰਤ ਭੂਸ਼ਣ ਆਸ਼ੂ, ਈਸ਼ਵਰਜੋਤ ਸਿੰਘ ਚੀਮਾ, ਗੁਰਮੇਲ ਸਿੰਘ ਪਹਿਲਵਾਨ, ਜਰਨੈਲ ਸਿੰਘ ਸ਼ਿਮਲਾਪੁਰੀ ਆਦਿ ਹਾਜ਼ਰ ਸਨ