ਇਸ ਨਾਲ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ। ਇਸੇ ਲਈ ਪੰਜਾਬ ਸਰਕਾਰ 3200 ਨਵੇਂ ਖੇਡ ਸਟੇਡੀਅਮ ਬਣਾਉਣ ਦੇ ਨਾਲ-ਨਾਲ ਖੇਡਾਂ ਦੇ ਬਜਟ ’ਚ ਹੋਰ ਵਾਧਾ ਕਰ ਰਹੀ ਹੈ। ਇਹ ਸ਼ਬਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਲ੍ਹਾ ਰਾਏਪੁਰ ਪੇਂਡੂ ਖੇਡ ਮੇਲੇ ’ਚ ਦਰਸ਼ਕਾਂ ਨਾਲ ਭਰੇ ਖੇਡ ਸਟੇਡੀਅਮ ’ਚ ਸੰਬੋਧਨ ਕਰਦਿਆਂ ਕਹੇ।

ਸਟਾਫ ਰਿਪੋਰਟਰ, ਲੁਧਿਆਣਾ : ਨਸ਼ਿਆਂ ਦੇ ਖਾਤਮੇ ਲਈ ਖੇਡਾਂ ਸਭ ਤੋਂ ਵਧੀਆ ਬਦਲ ਹਨ। ਇਸ ਨਾਲ ਨੌਜਵਾਨ ਖੇਡ ਮੈਦਾਨਾਂ ’ਚ ਪਸੀਨਾ ਵਹਾਅ ਕੇ ਜਿੱਥੇ ਆਪਣੇ ਸਰੀਰ ਨਰੋਇਆ ਰੱਖ ਸਕਦੇ ਹਨ, ਉੱਥੇ ਹੀ ਨਸ਼ਿਆਂ ਦੀ ਦਲਦਲ ’ਚ ਨਾ ਫਸ ਕੇ ਖੇਡਾਂ ਰਾਹੀਂ ਆਪਣਾ, ਆਪਣੇ ਮਾਪਿਆਂ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਦੇ ਹਨ। ਇਸ ਨਾਲ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ। ਇਸੇ ਲਈ ਪੰਜਾਬ ਸਰਕਾਰ 3200 ਨਵੇਂ ਖੇਡ ਸਟੇਡੀਅਮ ਬਣਾਉਣ ਦੇ ਨਾਲ-ਨਾਲ ਖੇਡਾਂ ਦੇ ਬਜਟ ’ਚ ਹੋਰ ਵਾਧਾ ਕਰ ਰਹੀ ਹੈ। ਇਹ ਸ਼ਬਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਲ੍ਹਾ ਰਾਏਪੁਰ ਪੇਂਡੂ ਖੇਡ ਮੇਲੇ ’ਚ ਦਰਸ਼ਕਾਂ ਨਾਲ ਭਰੇ ਖੇਡ ਸਟੇਡੀਅਮ ’ਚ ਸੰਬੋਧਨ ਕਰਦਿਆਂ ਕਹੇ।
ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵਾਲਾ ਅਹਿਮ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਪਿੰਡ ’ਚ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਿੰਨ ਸੀਜ਼ਨ ਸਫਲਤਾਪੂਰਵਕ ਕਰਵਾਏ ਗਏ ਹਨ ਜਿਸ ਦੌਰਾਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਮੁਕਾਬਲਿਆਂ ’ਚ ਹਿੱਸਾ ਲੈਂਦੀਆਂ ਵੇਖੀਆਂ ਗਈਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਖੇਡਾਂ ’ਚ ਦੇਸ਼ ਦੀ ਅਗਵਾਈ ਕਰ ਰਿਹਾ ਹੈ ਅਤੇ ਮੁੱਖ ਭਾਰਤੀ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਤੇ ਖੇਡਾਂ ਇਸ ਜੰਗ ’ਚ ਸਭ ਤੋਂ ਵੱਡਾ ਹਥਿਆਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਮੈਡਲ ਜਿੱਤ ਕੇ ਪੰਜਾਬ ਤੇ ਦੇਸ਼ ਦਾ ਨਾਂ ਰੋਸ਼ਨ ਕਰ ਰਹੇ ਹਨ।
ਕਿਲ੍ਹਾ ਰਾਏਪੁਰ ਖੇਡਾਂ ਨੂੰ ਪੇਂਡੂ ਸੱਭਿਆਚਾਰ ਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਰਾਸਤ ਨੂੰ ਸੁਰਜੀਤ ਕੀਤਾ ਹੈ। ਇਸ ਨੂੰ ਇਤਿਹਾਸਕ ਪਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਖੇਡਾਂ ਵਿਸ਼ਵ ਪੱਧਰ ’ਤੇ ਪ੍ਰਸਿੱਧ ਹਨ ਤੇ ਲੰਬੇ ਸਮੇਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਸਬੰਧੀ ਕਾਨੂੰਨੀ ਵਿਵਸਥਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 11 ਜੁਲਾਈ, 2025 ਨੂੰ ਪੰਜਾਬ ਵਿਧਾਨ ਸਭਾ ’ਚ ਜਾਨਵਰਾਂ ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਇਆ ਸੀ।
ਕਿਲ੍ਹਾ ਰਾਏਪੁਰ ਦੇ ਵਾਸੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਸੀਐੱਮ ਨੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੀ ਫਿਰਨੀ ਵਾਲੀ ਤਿੰਨ ਕਿਲੋਮੀਟਰ ਦੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕੀਤਾ ਜਾਵੇਗਾ। ਪਿੰਡ ਦੀ ਸਹਿਕਾਰੀ ਸਭਾ ਨੂੰ ਸੁਰਜੀਤ ਕੀਤਾ ਜਾਵੇਗਾ। ਪਿੰਡ ਦੇ ਅੱਠ ਏਕੜ ’ਚ ਫੈਲੇ ਛੱਪੜ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ’ਤੇ ਵਿਕਸਤ ਕੀਤਾ ਜਾਵੇਗਾ। ਪਿੰਡ ਦੀ ਲਾਇਬ੍ਰੇਰੀ ਨੂੰ 10 ਲੱਖ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕੀਤਾ ਜਾਵੇਗਾ ਤੇ ਸਿਕਸ-ਏ-ਸਾਈਡ ਹਾਕੀ ਐਸਟ੍ਰੋਟਰਫ ਦੇ ਨਿਰਮਾਣ 'ਤੇ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਸਟੇਡੀਅਮ ’ਚ ਫਲੱਡ ਲਾਈਟਾਂ ਲਗਾਈਆਂ ਜਾਣਗੀਆਂ। ਡੇਹਲੋਂ ਤੋਂ ਪੱਖੋਵਾਲ ਸੜਕ ਦਾ 30 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਰੱਖੀ ਹੈ, ਜੋ 19 ਸਾਲ ਦੀ ਉਮਰ ’ਚ ਸ਼ਹੀਦ ਹੋ ਗਏ ਸਨ।
ਇਸ ਮੌਕੇ ‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਕਲਵੰਤ ਸਿੰਘ ਸਿੱਧੂ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜ਼ਰਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਹੋਰ ਸ਼•ਖਸੀਅਤਾਂ ਮੌਜੂਦ ਸਨ।