ਸਟੇਟ ਬਿਊਰੋ, ਲੁਧਿਆਣਾ : ਲੁਧਿਆਣਾ ਦੇ 84 ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਪੀਣ ਲਈ ਦੂਸ਼ਿਤ ਪਾਣੀ ਮਿਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਦਾਖਲ ਅਪੀਲ ’ਤੇ ਸੁਣਵਾਈ ਕਰਦੇ ਹੋਏ ਐੱਨਜੀਟੀ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਬੈਠਕ ਕਰ ਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਐੱਚਸੀ ਅਰੋੜਾ ਨੇ ਐੱਨਜੀਟੀ ਕੋਲ ਇਕ ਅਪੀਲ ਦਾਖਲ ਕਰਦੇ ਹੋਏ ਸਕੂਲੀ ਬੱਚਿਆਂ ਨੂੰ ਦੂਸ਼ਿਤ ਪਾਣੀ ਮਿਲਣ ਦੀ ਗੱਲ ਕਹੀ ਸੀ। ਐੱਨਜੀਟੀ ਨੂੰ ਦੱਸਿਆ ਗਿਆ ਕਿ 63 ਸਕੂਲਾਂ ’ਚ ਪੀਣ ਵਾਲੇ ਪਾਣੀ ’ਚ ਖਣਿਜ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਕਾਫੀ ਜ਼ਿਆਦਾ ਹੈ।

ਇਸ ਦੇ ਨਾਲ ਇਹ ਵੀ ਦੱਸਿਆ ਗਿਆ ਕਿ 21 ਸਕੂਲਾਂ ’ਚ ਪੀਣ ਵਾਲੇ ਪਾਣੀ ’ਚ ਬੈਕਟੀਰੀਆ ਪਾਇਆ ਗਿਆ ਹੈ। ਐੱਨਜੀਟੀ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ’ਚ ਤਾਲਮੇਲ ਬਣਾ ਕੇ ਬੱਚਿਆਂ ਨੂੰ ਸਾਫ ਪਾਣੀ ਮਿਲਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਐੱਨਜੀਟੀ ਨੇ ਕਿਹਾ ਕਿ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਸਮੇਂ ਦੀ ਲੋੋੋੜ ਹੈ। ਇਹ ਸੂਬਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸ ਲਈ ਹੁਣ ਲੁਧਿਆਣਾ ਦੇ ਸਕੂਲਾਂ ’ਚ ਸਾਫ ਪਾਣੀ ਮੁਹੱਈਆ ਹੋਵੇ ਇਸ ਸਬੰਧੀ ਮੁੱਖ ਸਕੱਤਰ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਬੈਠਕ ਕਰਨੀ ਪਵੇਗੀ।

Posted By: Jagjit Singh