ਨਸ਼ਾ ਤਸਕਰੀ 'ਤੇ ਸੀ.ਆਈ.ਏ. ਦਾ ਵੱਡਾ ਐਕਸ਼ਨ: 500 ਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ
7 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਮੁਲਜਮ ਨੂੰ ਲੁਧਿਆਣਾ ਦੇ ਸੀਆਈਏ ਦੀ ਟੀਮ ਨੇ 515 ਗ੍ਰਾਮ ਹੈਰੋਇਨ ਸਮੇਤ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
Publish Date: Sat, 28 Feb 2026 03:12 PM (IST)
Updated Date: Sat, 28 Feb 2026 03:15 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - 7 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਮੁਲਜਮ ਨੂੰ ਲੁਧਿਆਣਾ ਦੇ ਸੀਆਈਏ ਦੀ ਟੀਮ ਨੇ 515 ਗ੍ਰਾਮ ਹੈਰੋਇਨ ਸਮੇਤ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਸ਼ਨੀਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਂਚ ਅਧਿਕਾਰੀ ਦੇ ਮੁਤਾਬਕ ਪੁਲਿਸ ਪਾਰਟੀ ਟਿੱਬਾ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।
ਇਸੇ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਬੀਕੇ ਰਿਜੋਰਟ ਦੇ ਨਾਲ ਲੱਗਦੇ ਇੱਕ ਬੇਅਬਾਦ ਪਲਾਟ 'ਚੋਂ ਹਿਰਾਸਤ ਵਿੱਚ ਲਿਆ। ਤਲਾਸ਼ੀ ਦੇ ਦੌਰਾਨ ਮੁਲਜ਼ਮ ਦੇ ਕਬਜ਼ੇ ਚੋਂ 515 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਜਦ ਉਸ ਕੋਲੋਂ ਵਧੇਰੇ ਪੁੱਛਗਿਛ ਕੀਤੀ ਤਾਂ ਸਾਹਮਣੇ ਆਇਆ ਕਿ ਮੁਲਜਮ ਦੇ ਖਿਲਾਫ ਪਹਿਲੋਂ ਤੋਂ ਹੀ ਵੱਖ-ਵੱਖ ਥਾਣਿਆਂ ਵਿੱਚ 7ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਪੜਤਾਲ ਦੇ ਦੌਰਾਨ ਉਸ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ। ਸੀਆਈਏ ਦੀ ਟੀਮ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜਮ ਹੈਰੋਇਨ ਕਿੱਥੋਂ ਲੈ ਕੇ ਆਇਆ ਅਤੇ ਇਸਨੇ ਨਸ਼ੀਲੇ ਪਦਾਰਥ ਦੀ ਸਪਲਾਈ ਕਿੱਥੇ ਕਰਨੀ ਸੀ। ਪੁਲਿਸ ਦਾ ਮੰਨਣਾ ਹੈ ਕਿ ਜਾਂਚ ਦੇ ਦੌਰਾਨ ਮੁਲਜ਼ਮ ਦੇ ਕਈ ਹੋਰ ਸਾਥੀਆਂ ਬਾਰੇ ਵੀ ਪਤਾ ਲੱਗ ਸਕਦਾ ਹੈ।
ਨਸ਼ਿਆਂ ਦੇ ਮਾਮਲਿਆਂ ਵਿੱਚ ਕੁਝ ਹੋਰ ਗ੍ਰਿਫਤਾਰੀਆਂ
ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਜੋ ਨਸ਼ੇ ਦਾ ਸੇਵਨ ਕਰ ਰਿਹਾ ਸੀ । ਥਾਣਾ ਸਲੇਮ ਟਾਬਰੀ ਜਾਂਚ ਅਧਿਕਾਰੀ ਏਐਸਆਈ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਮੈਟਰੋ ਰੋਡ ਭੱਟੀਆਂ ਮੌਜੂਦ ਸੀ ਇਸੇ ਦੌਰਾਨ ਪੁਲਿਸ ਨੇ ਬਾਜੀਗਰ ਡੇਰਾ ਦੇ ਰਹਿਣ ਵਾਲੇ ਸਨੀ ਅਤੇ ਚਿੱਟੀ ਕਲੋਨੀ ਭਟੀਆਂ ਦੇ ਵਾਸੀ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇੱਕ ਹੋਰ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪਿੰਡ ਬਾੜੇਵਾਲ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੂੰ 18 ਨਸ਼ੀਲੀਆਂ ਗੋਲੀਆਂ ਸਮੇਤ ਹਿਰਾਸਤ ਵਿੱਚ ਲਿਆ। ਪੁਲਿਸ ਨੇ ਮੁਲਜ਼ਮ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਉਹ ਸੂਆ ਰੋਡ ਤੋਂ ਪਿੰਡ ਬਾੜੇਵਾਲ ਵੱਲ ਆ ਰਿਹਾ ਸੀ। ਥਾਣਾ ਕੋਤਵਾਲੀ ਦੀ ਪੁਲਿਸ ਨੇ ਨਸ਼ਾ ਕਰ ਰਹੇ ਮਨਜੀਤ ਨਗਰ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਰੇਲਵੇ ਲਾਈਨਾਂ ਦੇ ਲਾਗੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਨੇ ਦੇਖਿਆ ਕਿ ਜ਼ਮੀਨ 'ਤੇ ਬੈਠ ਕੇ ਮੁਲਜ਼ਮ ਬਲਜਿੰਦਰ ਸਿੰਘ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ 'ਚੋਂ 10 ਰੁਪਏ ਦਾ ਨੋਟ ਇੱਕ ਸਿਲਵਰ ਪੰਨੀ ਤੇ ਲਾਈਟਰ ਬਰਾਮਦ ਕਰ ਲਿਆ ਹੈ। ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮੇ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।