ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਜਾਇਆ ਗਿਆ ਨਗਰ ਕੀਰਤਨ
Publish Date: Tue, 27 Jan 2026 07:44 PM (IST)
Updated Date: Wed, 28 Jan 2026 04:11 AM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਮੁਹੱਲਾ ਹਰਿਕ੍ਰਿਸ਼ਨ ਨਗਰ ਸ਼ਿਮਲਾਪੁਰੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਇਲਾਕੇ ਦੇ ਮਹੱਲਿਆਂ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਉਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦੇ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂਆਂ ਵੱਲੋਂ ਮਿਲੇ ਉਪਦੇਸ਼ ਉਤੇ ਚੱਲਣ ਲਈ ਪ੍ਰੇਰਿਆ। ਇਸ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਉਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਸੁੱਖਮਣੀ ਸਾਹਿਬ ਸੁਸਾਇਟੀ, ਸਕੂਲੀ ਬੈਂਡ, ਢਾਡੀ-ਕਵੀਸ਼ਰੀ ਜੱਥੇ ਤੋਂ ਇਲਾਵਾ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਅਤੇ ਜੱਥਿਆਂ ਨੂੰ ਸਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸਰਬਜੀਤ ਸਿੰਘ ਗਰੀਨ ਵਰਲਡ ਗਰੁੱਪ, ਵਾਈਸ ਚੇਅਰਮੈਨ ਕਾਨੂੰਗੋ ਗੁਰਵਿੰਦਰਪਾਲ ਸਿੰਘ, ਪ੍ਰਧਾਨ ਜੋਰਾ ਸਿੰਘ, ਸਕੱਤਰ ਸ਼ਮਸ਼ੇਰ ਸਿੰਘ, ਹਰਬੰਸ ਸਿੰਘ, ਰਾਮ ਲਾਲ,ਸੁਦਾਗਰ ਸਿੰਘ, ਨਿਰਮਲ ਸਿੰਘ, ਕਰਨੈਲ ਸਿੰਘ, ਗੁਰਦਿਆਲ ਸਿੰਘ, ਜੱਸੀ, ਤਰਸੇਮ ਸਿੰਘ,ਰਾਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।