- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਵਪਾਰੀਆਂ ਦੀਆਂ 7,000 ਸ਼ਿਕਾਇਤਾਂ ’ਚੋਂ 6,000 ਸ਼ਿਕਾਇਤਾਂ ਦਾ ਨਿਪਟਾਰਾ ਹੋਣ ਦਾ ਦਾਅਵਾ

-ਕਿਹਾ, ਪੰਜਾਬ ਦੇ ਵਪਾਰੀਆਂ ਦੀਆਂ 7,000 ਸ਼ਿਕਾਇਤਾਂ ’ਚੋਂ 6,000 ਦਾ ਕੀਤਾ ਹੱਲ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਸਥਾਨਕ ਬੱਚਤ ਭਵਨ ਵਿਖੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪੀਐਸਟੀਸੀ ਪੋਰਟਲ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕਰਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਪਿਛਲੇ ਇੱਕ ਸਾਲ ਦੌਰਾਨ ਇਨ੍ਹਾਂ ਮੀਟਿੰਗਾਂ ਰਾਹੀਂ ਕਰੀਬ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਲਗਭਗ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ-ਵਾਰ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀਐਸਟੀਸੀ ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪ੍ਰਭਾਵਸ਼ਾਲੀ ਮੰਚ ਹੈ ਅਤੇ ਪੋਰਟਲ ’ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਾਜਬ ਕਾਰਨ ਲੰਬਿਤ ਨਾ ਰੱਖਿਆ ਜਾਵੇ ਅਤੇ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਆਉਣ ਦੀ ਸੂਰਤ ਵਿੱਚ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਸ਼ਿਖਾ ਭਗਤ ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੀਐਸਟੀਸੀ ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ।
ਠਾਕੁਰ ਨੇ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਬਾਜ਼ਾਰਾਂ ਵਿੱਚ ਜਾ ਕੇ ਵਪਾਰੀਆਂ ਨਾਲ ਸਿੱਧੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਹੋਣ ਨਾਲ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਵੇਗਾ ਅਤੇ ਪੰਜਾਬ ਵਿੱਚ ਵਪਾਰ ਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਸਿਰਜੇਗਾ। ਇਸ ਮੀਟਿੰਗ ਵਿੱਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਪਰਮਪਾਲ ਸਿੰਘ ਬਾਵਾ, ਵਾਈਸ ਚੇਅਰਮੈਨ ਰੋਹਿਤ ਵਰਮਾ, ਸਹਾਇਕ ਕਮਿਸ਼ਨਰ ਪਾਇਲ ਗੋਇਲ, ਡੀਸੀਐਸਟੀ ਲੁਧਿਆਣਾ ਰਣਧੀਰ ਕੌਰ, ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਉਪ ਮੰਡਲ ਮਜਿਸਟਰੇਟ ਲੁਧਿਆਣਾ ਪੱਛਮੀ ਕੁਲਦੀਪ ਬਾਵਾ, ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ, ਨਗਰ ਨਿਗਮ ਲੁਧਿਆਣਾ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੇ ਜਸਦੇਵ ਸਿੰਘ ਸੇਖੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।