- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ:ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ
ਕੁੱਲ ਹਿੰਦ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵੱਲੋਂ ਟਿੱਬਾ ਰੋਡ ਵਿਖੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ।
ਤਲਵਾੜ ਨੇ ਕਿਹਾ ਕਿ ਕਾਂਗਰਸ ਵੱਲੋਂ ਚੋਣ ਕਮਿਸ਼ਨ ਤੋਂ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਦੇਸ਼ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਇੰਡੀਆ ਗੱਠਜੋੜ ਦੇ ਸੰਸਦ ਮੈਂਬਰ ਸ਼ਾਂਤੀਪੂਰਵਕ ਢੰਗ ਨਾਲ ਜੰਤਰ-ਮੰਤਰ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰੋਕਿਆ ਗਿਆ। ਤਲਵਾੜ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਸੀਨੀਅਰ ਆਗੂਆਂ ਅਤੇ ਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨਾਲ ਅਜਿਹਾ ਵਿਵਹਾਰ ਲੋਕਤੰਤਰ ਅਤੇ ਸੰਵਿਧਾਨਕ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਸ ਦਿਨ ਨੂੰ ‘ਕਾਲਾ ਦਿਵਸ’ ਕਰਾਰ ਦਿੰਦਿਆਂ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਹਨ। ਪਾਰਟੀ ਦੀਆਂ ਪ੍ਰਦੇਸ਼, ਜ਼ਿਲ੍ਹਾ ਅਤੇ ਬਲਾਕ ਕਮੇਟੀਆਂ ਵੱਲੋਂ ਵੱਖ-ਵੱਖ ਪੱਧਰਾਂ ’ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਤਲਵਾੜ ਨੇ ਕਿਹਾ ਕਿ ਕਾਂਗਰਸ ਚੋਣ ਪ੍ਰਣਾਲੀ ਦੀ ਅਖੰਡਤਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ। ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।