ਕਾਂਗਰਸੀਆਂ ਵੱਲੋਂ ਸੜਕਾਂ ’ਤੇ ਉਤਰ ਕੇ ਪੁਤਲਾ ਫ਼ੂਕ ਪ੍ਰਦਰਸ਼ਨ ਕਾਂਗਰਸੀਆਂ ਵੱਲੋਂ ਮਨਰੇਗਾ ਤੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਸੜਕਾਂ ’ਤੇ ਉਤਰ ਕੇ ਪੁਤਲਾ ਫ਼ੂੁਕ ਪ੍ਰਦਰਸ਼ਨ
Publish Date: Sat, 18 Jul 2026 08:36 PM (IST)
Updated Date: Sun, 19 Jul 2026 04:05 AM (IST)
ਦਲਿਤ ਨੂੰ ਡਿਪਟੀ ਸੀਐੱਮ ਨਾ ਬਣਾ ਕੇ ਐੱਸਸੀ ਸਮਾਜ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਦੇ ਮਨਰੇਗਾ ਤੇ ਸਫਾਈ ਕਰਮਚਾਰੀਆਂ ’ਤੇ ਕੀਤੇ ਜਾ ਰਹੇ ਅੱਤਿਆਚਾਰ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਸੜਕਾਂ ’ਤੇ ਉਤਰ ਆਈ ਹੈ। ਇਸੇ ਤਹਿਤ ਅੱਜ ਲੁਧਿਆਣਾ ਦੇ ਹਲਕਾ ਆਤਮ ਨਗਰ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਅਨੁਸੂਚਿਤ ਜਾਤੀ ਵਿਭਾਗ ਲੁਧਿਆਣਾ ਤੇ ਯੂਥ ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਅਨੁਸੂਚਿਤ ਜਾਤੀ ਵਿਭਾਗ ਲੁਧਿਆਣਾ ਦੇ ਚੇਅਰਮੈਨ ਐਡਵੋਕੇਟ ਰਾਹੁਲ ਪੁਹਾਲ ਅਤੇ ਯੂਥ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਹੈਪੀ ਲਾਲੀ ਵੱਲੋਂ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ। ਐਡਵੋਕੇਟ ਪੁਹਾਲ ਨੇ ਕਿਹਾ ਕਿ ਪਿਛਲੇ ਦਿਨੀਂ ਖੰਨਾ ਜ਼ਿਲ੍ਹੇ ਵਿੱਚ ਮਨਰੇਗਾ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਸਰਕਾਰ ਦੇ ਇਸ਼ਾਰੇ ’ਤੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ। ਇਸੇ ਤਰ੍ਹਾਂ ਸੰਗਰੂਰ ਵਿੱਚ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬੇਹੱਦ ਨਿੰਦਣਯੋਗ ਹਨ। ਹੈਪੀ ਲਾਲੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਪੰਜਾਬ ਸਰਕਾਰ ਨੂੰ ਲੋਕਾਂ, ਮਜ਼ਦੂਰਾਂ ਤੇ ਕਰਮਚਾਰੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਦਲਿਤ ਚਿਹਰੇ ਨੂੰ ਡਿਪਟੀ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਪਾਰਟੀ ਨੇ ਇਹ ਵਾਅਦਾ ਪੂਰਾ ਨਾ ਕਰ ਕੇ ਦਲਿਤ ਸਮਾਜ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਜ਼ਦੂਰਾਂ, ਕਰਮਚਾਰੀਆਂ, ਸਫਾਈ ਕਰਮਚਾਰੀਆਂ ਤੇ ਦਲਿਤ ਸਮਾਜ ਦੇ ਹੱਕਾਂ ਲਈ ਹਮੇਸ਼ਾ ਮਜ਼ਬੂਤੀ ਨਾਲ ਆਵਾਜ਼ ਉਠਾਉਂਦੀ ਰਹੀ ਹੈ ਅਤੇ ਅੱਗੇ ਵੀ ਉਠਾਉਂਦੀ ਰਹੇਗੀ। ਇਸ ਮੌਕੇ ਬੌਬੀ ਮੁੰਡੇ, ਚਰਨਜੋਤ ਕਿੱਟੂ, ਮਿੰਕਲ ਬਿਰਲਾ, ਰੁਪੇਸ਼ ਚੌਟਾਲਾ, ਮਨਪ੍ਰੀਤ ਸਿੰਘ, ਨਕੁਲ ਕਲਿਆਣ, ਹਰਵਿੰਦਰ ਸਿੰਘ, ਸੰਦੀਪ ਜਵੱਦੀ, ਵਿੱਕੀ ਚੰਡਾਲੀਆ, ਪ੍ਰਦਿਊਮ ਢਿੱਲੋਂ, ਤੁਧਾਰ, ਸੁਮਿਤ ਚੌਟਾਲਾ, ਨਿਤਾਸ਼, ਜੱਗਾ, ਗਗਨ ਸੈਭੀ, ਰਿੰਕਲ ਚਾਵੜੀਆ ਸਮੇਤ ਹੋਰ ਕਾਂਗਰਸੀ ਵਰਕਰ ਮੌਜੂਦ ਸਨ।