ਜਾਗਰਣ ਸੰਵਾਦਦਾਤਾ, ਲੁਧਿਆਣਾ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਦੇ ਪੀਏ ਤੇ ਟਰਾਂਸਪੋਰਟਰ ਹਰਜਿੰਦਰ ਸਿੰਘ ਢੀਂਡਸਾ 'ਤੇ ਹਮਲੇ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਦਾ ਐਲਾਨ ਕੀਤਾ ਹੈ। ਕਾਂਗਰਸੀ ਆਗੂ ਰਾਜੀਵ ਰਾਜਾ ਨੇ ਕਿਹਾ ਕਿ ਜੇਕਰ ਸ਼ਾਮ ਤਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ 15 ਅਗਸਤ ਨੂੰ ਲੁਧਿਆਣਾ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨਗੇ ਅਤੇ ਸਵਾਲ ਕਰਨਗੇ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਇੰਨੀ ਖ਼ਰਾਬ ਕਿਉਂ ਹੈ।

ਰਾਜੀਵ ਰਾਜਾ ਦਾ ਕਹਿਣਾ ਹੈ ਕਿ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ 'ਤੇ ਅਗਲੀ ਕਾਰਵਾਈ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਹੈ। ਦੂਜੇ ਪਾਸੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਸਪਤਾਲ ਪਹੁੰਚ ਕੇ ਹਰਜਿੰਦਰ ਸਿੰਘ ਢੀਂਡਸਾ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਖੁੱਲ੍ਹੇਆਮ ਕਾਂਗਰਸੀ ਆਗੂਆਂ 'ਤੇ ਹਮਲੇ ਹੋ ਰਹੇ ਹਨ।

ਦੱਸ ਦੇਈਏ ਕਿ ਹਰਜਿੰਦਰ ਸਿੰਘ ਢੀਂਡਸਾ 'ਤੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਇਯਾਲੀ ਚੌਕ 'ਚ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਸੀ। ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਢੀਂਡਸਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਇਸ ਕਾਰਨ ਉਨ੍ਹਾਂ ਦੇ ਸਿਰ 'ਤੇ 15 ਟਾਂਕੇ ਲੱਗੇ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸ਼ੁੱਕਰਵਾਰ ਨੂੰ ਹੀ ਅਣਪਛਾਤੇ ਹਮਲਾਵਰਾਂ ਖਿਲਾਫ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

Posted By: Seema Anand