ਕਾਂਗਰਸੀਆਂ ਨੇ ਏਡੀਸੀ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ
ਕਾਂਗਰਸੀਆਂ ਨੇ ਏਡੀਸੀ ਨੂੰ ਰਾਜਪਾਲ ਪੰਜਾਬ ਦੇ ਨਾਮ 'ਤੇ ਮੰਗ ਪੱਤਰ ਸੌਂਪਿਆ
Publish Date: Mon, 04 May 2026 08:55 PM (IST)
Updated Date: Tue, 05 May 2026 04:17 AM (IST)

- ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਦੀ ਕੀਤੀ ਨਿਖੇਧੀ --- ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਲੁਧਿਆਣਾ ਦੇ ਕਾਂਗਰਸੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਮ ਤੇ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਪੂਨਮ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ। ਕਾਂਗਰਸੀਆਂ ਨੇ ਇਹ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਨਾਲ ਜੁੜੀ ਗੰਭੀਰ ਅਤੇ ਸ਼ਰਮਨਾਕ ਘਟਨਾ ਦੇ ਸੰਦਰਭ ਵਿੱਚ ਦਿੱਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਦੇ ਵਿਹਾਰ ’ਤੇ ਤੁਰੰਤ ਤੇ ਯੋਗ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸਾਬਕਾ ਮੰਤਰੀ ਮਲਕੀਅਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਭਵਨ ਦੀਵਾਨ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਦਰਸ਼ਨ ਸਿੰਘ ਬੀਰਮੀ, ਜਗਸੀਰ ਸਿੰਘ ਪੀਏ ਐਮਪੀ ਵੜਿੰਗ, ਸਾਬਕਾ ਚੇਅਰਮੈਨ ਕੇਕੇ ਬਾਵਾ, ਰਣਜੀਤ ਸਿੰਘ ਮਾਂਗਟ, ਹਿਰਦੇਪਾਲ ਸਿੰਘ ਢੀਡਸਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਅਨੁਸਾਰ ਅੱਜ ਲੁਧਿਆਣਾ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਮ ਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਇੱਕ ਪਵਿੱਤਰ ਸਦਨ ਹੈ, ਉਸ ਵਿੱਚ ਨਸ਼ਾ ਕਰਕੇ ਜਾਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਨੀ ਘੱਟ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਤੁਰੰਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਯੋਗ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਹੋਰ ਵਿਅਕਤੀ ਨੂੰ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਜਾਵੇ।