- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਰ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਲਗਾਤਾਰ ਹੜਤਾਲ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਦੇ ਹਰ ਕੋਨੇ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਮੰਗਾਂ ਸਬੰਧੀ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਤੇ ਇਸੇ ਤਰ੍ਹਾਂ ਹੀ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਵੀ ਮੰਗਾਂ ਸਬੰਧੀ ਸੰਘਰਸ਼ ਸ਼ੁਰੂ ਕੀਤਾ ਹੈ। ਪੰਜਾਬ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਜਾਇਜ਼ ਵਿੱਤੀ ਤੇ ਸੇਵਾ ਸਬੰਧੀ ਮੰਗਾਂ ਦੇ ਹੱਲ ਲਈ ਅੱਜ ਵੀ ਮੁਕੰਮਲ ਹੜਤਾਲ ਜਾਰੀ ਰੱਖੀ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਐਚਓ ਵੱਲੋਂ ਸਿਵਲ ਸਰਜਨ ਦਫ਼ਤਰਾਂ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਜ਼ੋਰ-ਸ਼ੋਰ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ। ਕਮਿਊਨਿਟੀ ਹੈਲਥ ਅਫਸਰ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਲਗਾਤਾਰ ਲਾਰੇਬਾਜ਼ੀ ਅਤੇ ਵਾਅਦਾ ਖ਼ਿਲਾਫ਼ੀ ਕਾਰਨ ਅੱਜ ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਪਿੰਡਾਂ ਵਿੱਚ ਰਹਿੰਦੇ ਹਜ਼ਾਰਾਂ ਲੋਕ, ਖ਼ਾਸ ਕਰਕੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਲੰਬੇ ਸਮੇਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼, ਸਮੇਂ ਸਿਰ ਸਿਹਤ ਸੇਵਾਵਾਂ ਤੇ ਦਵਾਈਆਂ ਨਾ ਮਿਲਣ ਕਾਰਨ ਖੱਜਲ-ਖੁਆਰ ਹੋ ਰਹੇ ਹਨ। ਇਸ ਸਥਿਤੀ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਅਣਗਹਿਲੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ “ਮਾਵਾਂ ਧੀਆਂ ਸਨਮਾਨ ਯੋਜਨਾ”, “ਬੇਟੀ ਬਚਾਓ, ਬੇਟੀ ਪੜ੍ਹਾਓ” ਅਤੇ ਮਹਿਲਾ ਸਸ਼ਕਤੀਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਸਿਹਤ ਵਿਭਾਗ ਵਿੱਚ ਸੇਵਾ ਨਿਭਾਅ ਰਹੀਆਂ ਹਜ਼ਾਰਾਂ ਪੜ੍ਹੀਆਂ-ਲਿਖੀਆਂ ਧੀਆਂ ਅਤੇ ਮਹਿਲਾ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਦੂਜੇ ਸੂਬਿਆਂ ਨਾਲੋਂ ਘੱਟ ਤਨਖਾਹ ਦੇ ਕੇ ਉਨ੍ਹਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਸਿਰਫ਼ ਸਮਾਂ ਟਪਾਇਆ ਜਾ ਰਿਹਾ ਹੈ। ਮੀਟਿੰਗਾਂ ਵਿੱਚ ਭਰੋਸੇ ਤਾਂ ਦਿੱਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਜਾਂਦਾ। ਇਸ ਕਾਰਨ ਸਮੂਹ ਸਬੰਧਤ ਅਫਸਰਾਂ ਵਿੱਚ ਭਾਰੀ ਰੋਸ ਹੈ ਅਤੇ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ।ਆਗੂਆਂ ਨੇ ਐਲਾਨ ਕੀਤਾ ਕਿ 10 ਅਗਸਤ ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਮਿਊਨਿਟੀ ਹੈਲਥ ਅਫ਼ਸਰ ਸ਼ਮੂਲੀਅਤ ਕਰਨਗੇ।