ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਸਬੰਧੀ ਕੀਤੀ ਅਹਿਮ ਮੀਟਿੰਗ

-ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਸਬੰਧੀ ਕੀਤੀ ਅਹਿਮ ਮੀਟਿੰਗ
-ਇੱਕੋ ਜਿਹੀ ਮੁਲਾਜ਼ਮ ਪੱਖੀ ਨੀਤੀ ਬਣਾਉਣ ਦੀ ਕੀਤੀ ਮੰਗ
---
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਠੇਕਾ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਅਗਲੇ ਸੰਘਰਸ਼ਾਂ ਦੀ ਤਿਆਰੀ ਸੰਬੰਧੀ ਲੁਧਿਆਣਾ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਜਗਸੀਰ ਸਿੰਘ ਭੰਗੂ, ਕੁਲਦੀਪ ਸਿੰਘ ਬੁੱਢੇਵਾਲ ਅਤੇ ਹਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖ ਕੇ ਆਪਣਾ ਸਮਾਂ ਟਪਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸਡ ਇਨਲਿਸਟਮੈਂਟ, ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਆਦਿ ਰਾਹੀਂ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਾਲੇ ਤੱਕ ਕੋਈ ਵੀ ਠੋਸ ਨੀਤੀ ਨਹੀਂ ਬਣਾਈ ਗਈ,ਸਗੋਂ "ਮੋਰਚੇ" ਦੇ ਬੈਨਰ ਹੇਠ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਏਕਤਾ ਨੂੰ ਖਿਡਾਉਣ ਲਈ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਮੁਲਾਜ਼ਮ-ਦੋਖੀ ਨੀਤੀਆਂ ਵਿਭਾਗਾਂ ਨੂੰ ਭੇਜੀਆਂ ਜਾ ਰਹੀਆਂ ਹਨ,ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ 28 ਮਈ ਤੋਂ ਲਗਾਤਾਰ ਧਰਨੇ ਦਿੱਤੇ ਜਾਣਗੇ।
ਮੀਟਿੰਗ ਵਿੱਚ ਹਾਜ਼ਿਰ ਆਗੂਆਂ ਨੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ ਦੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਵਰਤਾਰੇ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਡੰਡੇ ਦੇ ਜ਼ੋਰ ਨਾਲ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਸਰਕਾਰ ਦੇ ਇਸ ਮਨਸੂਬੇ ਨੂੰ ਕਿਸੇ ਵੀ ਹਾਲਤ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਭਰਾਤਰੀ ਤੌਰ 'ਤੇ ਪੁੱਜੇ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ (ਰਜਿ. ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਵੀ ਠੇਕਾ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਢੁਕਵੀਂ ਹਮਾਇਤ ਦਾ ਐਲਾਨ ਕਰਦੇ ਹੋਏ ਸੰਘਰਸ਼ ਦੀ ਸਫਲਤਾ ਲਈ ਕੀਮਤੀ ਤਜਰਬੇ ਵੀ ਸਾਂਝੇ ਕੀਤੇ ਗਏ।
---
ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ ਆਦਿ ਮੰਗਾਂ ਨੂੰ ਪ੍ਰਵਾਨ ਕਰਦੇ ਹੋਏ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਲਈ ਇੱਕੋ ਜਿਹੀ ਮੁਲਾਜ਼ਮ ਪੱਖੀ ਨੀਤੀ ਬਣਾਈ ਜਾਵੇ।