ਕਿਰਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ: ਪੱਕੇ ਹੋਣ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਵਿਸ਼ਾਲ ਧਰਨਾ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ ਕਿਰਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਲਗਾਤਾਰ ਦਿਨ ਰਾਤ ਧਰਨਾ ਸ਼ੁਰੂ ਗਿਆ। ਧਰਨੇ ਵਿੱਚ ਜਿੱਥੇ ਮੁਲਾਜ਼ਮ ਵੱਖ-ਵੱਖ ਜ਼ਿਲ੍ਹਿਆਂ ਤੋਂ ਖੰਨਾ ਵਿਖੇ ਵੱਡੀ ਗਿਣਤੀ ਵਿੱਚ ਪੁੱਜੇ, ਉੱਥੇ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸ਼ੰਕਾ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆ ਤੋਂ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
Publish Date: Sat, 09 May 2026 02:54 PM (IST)
Updated Date: Sat, 09 May 2026 03:02 PM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ ਕਿਰਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਲਗਾਤਾਰ ਦਿਨ ਰਾਤ ਧਰਨਾ ਦਿੱਤਾ ਜਾ ਰਿਹਾ ਹੈ।ਧਰਨੇ ਵਿੱਚ ਜਿੱਥੇ ਮੁਲਾਜ਼ਮ ਵੱਖ-ਵੱਖ ਜ਼ਿਲ੍ਹਿਆਂ ਤੋਂ ਖੰਨਾ ਵਿਖੇ ਵੱਡੀ ਗਿਣਤੀ ਵਿੱਚ ਪੁੱਜੇ ਹਨ, ਉੱਥੇ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸ਼ੰਕਾ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆ ਤੋਂ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਵੱਡੀ ਗਿਣਤੀ ਵਿੱਚ ਪੁਲਿਸ ਆਉਣ ਨਾਲ ਪੂਰਾ ਇਲਾਕਾ ਪੁਲਿਸ ਛਾਉਣੀ ਵਿਚ ਬਦਲ ਗਿਆ। ਸਿਟੀ ਕਲੋਨੀ ਦੇ ਬਾਹਰ ਖੜ੍ਹ ਕੇ ਮੁਲਾਜ਼ਮ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਬਾਅਦ ਵਿੱਚ ਕਲੋਨੀ ਦੇ ਗੇਟ ਤੱਕ ਪੁੱਜ ਗਏ, ਜਿੱਥੇ ਦਰੀਆਂ ਵਿਛਾ ਕੇ ਆਪਣਾ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ ਅਤੇ ਬਲਿਹਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ 2022 ਦੇ ਵਿੱਚ ਬਦਲਾਅ ਦੇ ਨਾਂਅ ਹੇਠ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਪੰਜਾਬ ਦੇ ਅੰਦਰ ਵੱਖ-ਵੱਖ ਵਿਭਾਗਾਂ ਦੇ ਵਿੱਚ ਆਊਟਸੋਰਸ, ਠੇਕੇਦਾਰਾਂ, ਕੰਪਨੀਆਂ, ਸੋਸਾਇਟੀਆਂ ਅਤੇ ਇਨਲਿਸਟਮੈਂਟ ਰਾਹੀਂ ਰੱਖੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰਨ ਤੋਂ ਭੱਜ ਰਹੀ ਹੈ।
ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਅੱਜ ਤੱਕ ਇਹ ਮੁਲਾਜ਼ਮ ਨਗੂਣੀਆਂ ਤਨਖਾਹਾਂ ਲੈਕੇ ਵਿਭਾਗਾਂ ਦੇ ਅੰਦਰ ਕੰਮ ਕਰ ਰਹੇ ਹਨ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਿੱਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਖੰਨਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ 9 ਮਈ ਤੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਜਦੋਂ ਸਾਡੀ ਸਰਕਾਰ ਪੰਜਾਬ ਵਿੱਚ ਆਈ ਤਾਂ ਮੇਰਾ ਹਰਾ ਪੈਨ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰੇਗਾ, ਜੋ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਇਹ ਧਰਨਾ ਦਿੱਤਾ ਜਾ ਰਿਹਾ।