- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਠੇਕਾ ਮੁਲਾਜ਼ਮਾਂ ਵੱਲੋਂ ਬਿਜਲੀ ਮੰਤਰੀ ਸੋਂਦ ਦੀ ਰਿਹਾਇਸ ਅੱਗੇ ਲਗਾਤਾਰ ਧਰਨਾ ਸ਼ੁਰੂ

-ਕਮੇਟੀ ਆਗੂਆਂ ਅਨੁਸਾਰ ਵਿਭਾਗ ’ਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ ਮੈਨੇਜਮੈਂਟ
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਅਮਲੋਹ ਰੋਡ ਖੰਨਾ ਵਿਖੇ ਸੋਮਵਾਰ ਸਵੇਰੇ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਵੱਡੀ ਗਿਣਤੀ ’ਚ ਆਉਟਸੋਰਸਡ ਮੁਲਾਜ਼ਮ ਗੱਡੀਆਂ ਤੇ ਬੱਸਾਂ ਰਾਹੀਂ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਰਿਹਾਇਸ਼ ਵੱਲ ਵਧਣੇ ਸ਼ੁਰੂ ਹੋ ਗਏ ਤੇ ਦੇਖਦੇ ਹੀ ਦੇਖਦੇ ਵੱਡੀ ਗਿਣਤੀ ’ਚ ਮੁਲਾਜ਼ਮਾਂ ਵੱਲੋਂ ਪਰਿਵਾਰ ਤੇ ਔਰਤਾਂ ਸਮੇਤ ਸੰਨ ਸਿਟੀ ਕਾਲੋਨੀ ਦਾ ਮੁੱਖ ਗੇਟ ਮੱਲ ਲਿਆ। ਮੁਲਾਜ਼ਮਾਂ ਨੇ ਧਰਨਾ ਦੇਣ ਲਈ ਕਾਲੋਨੀ ਅੱਗੇ ਆਪਣੇ ਤੰਬੂ ਗੱਡ ਦਿੱਤੇ। ਪ੍ਰਸ਼ਾਸਨ ਨੂੰ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕਰਨੀ ਪਈ।
ਇੱਥੇ ਦੱਸਣਯੋਗ ਹੈ ਕਿ ਪਾਵਰਕਾਮ ਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ’ਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਧਰਨਾ ਸ਼ੁਰੂ ਕੀਤਾ। ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਬਲਜਿੰਦਰ ਸਿੰਘ ਮਾਨ, ਹਰਜੀਤ ਸਿੰਘ ਢਡਵਾਲ, ਬਲਵਿੰਦਰ ਸਿੰਘ ਸੈਣੀ ਤੇ ਅਮਰਦੀਪ ਸਿੰਘ ਚਹਿਲ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਤੇ ਸਮੁੱਚੇ ਫੀਲਡ ’ਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਵੱਖ-ਵੱਖ ਪੋਸਟਾਂ ’ਤੇ ਸੇਵਾਵਾਂ ਦਿੰਦੇ ਆ ਰਹੇ ਹਨ। ਵਿਭਾਗ ’ਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ’ਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ।
ਆਗੂਆਂ ਨੇ ਕਿਹਾ ਕਿ ਵਿਭਾਗ ’ਚ ਪੱਕਾ ਕਰਨ ਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਸਬੰਧੀ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਵੱਲੋਂ 28 ਮਈ 2026 ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਹੇਠ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ’ਚ ਚੋਣ ਜ਼ਾਬਤੇ ਉਪਰੰਤ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੇ 15 ਜੂਨ ਤੱਕ ਵਿਭਾਗ ’ਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ’ਚ ਬਣੀਆਂ ਸਮੂਹ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 9 ਜੂਨ ਤੋਂ ਸਮੁੱਚੇ ਪੰਜਾਬ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਧਰਨੇ ਸ਼ੁਰੂ ਕੀਤੇ ਗਏ ਹਨ। ਅੱਜ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਨੇੜੇ ਪਰਿਵਾਰਾਂ ਸਮੇਤ ਲਗਾਤਾਰ ਰੋਸ ਧਰਨਾ ਸ਼ੁਰੂ ਕੀਤਾ, ਜਿਸ ਦੀ ਹਮਾਇਤ ਵਜੋਂ ਭਾਕਿਯੂ ਏਕਤਾ ਉਗਰਾਹਾਂ ਤੋਂ ਸੁਦਾਗਰ ਸਿੰਘ ਘੁਡਾਣੀ ਜ਼ਿਲ੍ਹਾ ਜਨਰਲ ਸਕੱਤਰ, ਟੀਐੱਸਯੂ.ਭੰਗਲ ਤੋਂ ਜਸਵਿੰਦਰ ਸਿੰਘ ਸੂਬਾ ਜਨਰਲ ਸਕੱਤਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਰੇਸ਼ਮ ਸਿੰਘ ਸੂਬਾ ਜਨਰਲ ਸਕੱਤਰ ਡੀਟੀਐੱਫ, ਲੋਕ ਸੰਘਰਸ਼ ਕਮੇਟੀ ਖੰਨਾ ਦੇ ਕਨਵੀਨਰ ਮਲਕੀਤ ਸਿੰਘ ਆਦਿ ਆਗੂ ਪੁੱਜੇ। ਉਨ੍ਹਾਂ ਕਿਹਾ ਕਿ ਜੇਕਰ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੇ ਵਿਭਾਗ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।