ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਬਣਨਗੇ ਕੰਟਰੋਲ ਰੂਮ : ਏਡੀਸੀ ਪੂਨਮ ਸਿੰਘ
ਸੰਭਾਵੀ ਹੜ੍ਹ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸਥਾਪਤ ਕੀਤੇ ਜਾਣਗੇ ਕੰਟਰੋਲ ਰੂਮ : ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ
Publish Date: Thu, 14 May 2026 11:04 PM (IST)
Updated Date: Fri, 15 May 2026 04:16 AM (IST)

ਲੁਧਿਆਣਾ ਪ੍ਰਸ਼ਾਸਨ ਹੜ੍ਹ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ, ਐਮਰਜੈਂਸੀ ਯੋਜਨਾਵਾਂ ਤਿਆਰ --- ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਬੀਤੇ ਸਾਲ ਬਣੇ ਹਲਾਤਾਂ ਨੂੰ ਦੇਖਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀ ਗਈਆਂ ਹਨ। ਇਕ ਪਾਸੇ ਜਿੱਕੇ ਬੀਤੇ ਦਿਨੀਂ ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀਆਂ ਸੀਵਰੇਜ ਲਾਈਨਾਂ, ਰੋਡ ਜਾਲੀਆਂ ਅਤੇ ਬੁੱਢਾ ਦਰਿਆ ਦੇ ਕਮਜੋਰ ਕਿਨਾਰਿਆਂ ਨੂੰ ਪੱਕਾ ਕਰਨ ਦੇ ਨਿਰਦੇਸ਼ ਦਿੱਤੇ ਗਏ, ਉੱਥੇ ਹੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਜੂਨ ਮਹੀਨੇ ਦੇ ਅੱਧ ਤੋਂ ਬਾਅਦ ਲੁਧਿਆਣਾ ਵਿੱਚ ਸੰਭਾਵੀ ਹੜ੍ਹ ਵਰਗੀਆਂ ਸਥਿਤੀਆਂ ਦੀ ਚੌਕਸੀ ਨਾਲ ਨਿਗਰਾਨੀ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨਲ ਪੱਧਰ ਤੇ 24x7 ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਗਰਾਉ ਮਨਜੀਤ ਸਿੰਘ ਚੀਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ ਦੇ ਨਾਲ ਉਨ੍ਹਾਂ ਨੇ ਕੰਟਰੋਲ ਰੂਮਾਂ ਲਈ ਸਟਾਫ ਡਿਊਟੀ ਰੋਸਟਰ ਨੂੰ ਅੰਤਿਮ ਰੂਪ ਦੇਣ ਦੇ ਹੁਕਮ ਜਾਰੀ ਕੀਤੇ। ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਅਧਿਕਾਰੀਆਂ ਨੂੰ ਰੋਟੇਸ਼ਨਲ ਆਧਾਰ ਤੇ ਨਿਯੁਕਤ ਕੀਤਾ ਜਾਵੇਗਾ। ਹੜ੍ਹ ਦੀ ਤਿਆਰੀ ਦੀ ਸਮੀਖਿਆ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਵਾਪਰ ਸਕਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਭਾਵੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪੁਸ਼ਟੀ ਕੀਤੀ ਕਿ ਐਮਰਜੈਂਸੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਵਿਆਪਕ ਐਮਰਜੈਂਸੀ ਯੋਜਨਾਵਾਂ ਤਿਆਰ ਕਰਨ ਅਤੇ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਤਿਆਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਿਕਾਸੀ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ, ਕਮਜ਼ੋਰ ਖੇਤਰਾਂ ਦੀ ਪਛਾਣ ਕਰਨ ਅਤੇ ਜੇਕਰ ਲੋੜ ਹੋਵੇ ਤਾਂ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਵਸਨੀਕਾਂ ਨੂੰ ਮੁੜ ਵਸਾਉਣ ਲਈ ਸੁਰੱਖਿਅਤ ਸਥਾਨ ਨਿਰਧਾਰਤ ਕਰਨ ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਖੁਰਾਕ ਅਤੇ ਸਿਵਲ ਸਪਲਾਈ, ਸਿੰਚਾਈ, ਬਿਜਲੀ, ਡਰੇਨੇਜ, ਨਗਰ ਨਿਗਮ, ਸਿਹਤ, ਪੰਚਾਇਤ ਅਤੇ ਪੁਲਿਸ ਵਿਭਾਗਾਂ ਨੂੰ ਆਪਸ ਵਿੱਚ ਤਾਲਮੇਲ ਬਣਾਉਣ ਅਤੇ ਜ਼ਰੂਰੀ ਪ੍ਰਬੰਧ ਕਰਨ ਲਈ ਕਿਹਾ ਗਿਆ। ਖਾਸ ਤੌਰ ਤੇ, ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਹੜ੍ਹ ਦੇ ਜੋਖਮਾਂ ਨੂੰ ਘਟਾਉਣ ਲਈ ਸਾਰੇ ਜ਼ਿਲ੍ਹਾ ਡਰੇਨਾਂ ਦੀ ਸਫਾਈ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ।