ਬਸੰਤ ਸਿੰਘ ਰੋੜੀਆਂ, ਲੁਧਿਆਣਾ : ਕੋਰੋਨਾ ਵਾਇਰਸ ਦੇ 74 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ 'ਚ 1 ਏਐੱਨਐੱਮ, 1 ਪੁਲਿਸ ਮੁਲਾਜ਼ਮ, 4 ਵਿਦਿਆਰਥੀ ਤੇ 3 ਅਧਿਆਪਕ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੀ ਲਪੇਟ 'ਚ ਆਏ ਹਨ। ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਨੇ ਕੋਰੋਨਾ ਵਾਇਰਸ ਦੇ ਅੰਕੜਿਆਂ ਦੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਦੀਆਂ ਪੈਂਡਿੰਗ ਰਿਪੋਰਟਾਂ ਦੇ ਆਏ ਨਤੀਜਿਆਂ 'ਚੋਂ 74 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ 63 ਮਾਮਲੇ ਜ਼ਿਲ੍ਹਾ ਲੁਧਿਆਣਾ, 11 ਮਾਮਲੇ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ਸਬੰਧਿਤ ਹਨ। ਸ਼ਹਿਰ ਦੇ ਹਸਪਤਾਲਾਂ 'ਚ ਦਾਖ਼ਲ ਐਤਵਾਰ ਨੂੰ ਕੋਰੋਨਾ ਪੀੜਤ ਮਰੀਜ਼ ਦੀ ਮੌਤ ਨਹੀਂ ਹੋਈ ਹੈ। 25533 ਕੋਰੋਨਾ ਪੀੜਤਾਂ ਨੇ ਕੋਰੋਨਾ ਵਾਇਰਸ ਜਿਹੀ ਮਹਾਮਾਰੀ 'ਤੇ ਜਿੱਤ ਪ੍ਰਰਾਪਤ ਕੀਤੀ ਹੈ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 27116 ਹੋ ਗਈ ਹੈ। ਬਾਹਰਲੇ ਜ਼ਿਲਿ੍ਹਆਂ ਨਾਲ ਸਬੰਧਿਤ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 4217 ਹੋ ਗਿਆ ਹੈ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮੌਤਾਂ ਦੀ ਗਿਣਤੀ 1029 ਅਤੇ ਬਾਹਰਲੇ ਜ਼ਿਲਿ੍ਹਆਂ ਨਾਲ ਸਬੰਧਿਤ ਮੌਤਾਂ ਦਾ ਅੰਕੜਾ 506 ਤਕ ਸੀਮਤ ਰਿਹਾ। ਸਿਹਤ ਵਿਭਾਗ ਵੱਲੋਂ 2241 ਸੈਂਪਲ ਜਾਂਚ ਲਈ ਭੇਜੇ ਗਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ 38 ਲੋਕਾਂ ਨੂੰ ਹੋਮ ਆਈਸੋਲੇਟ ਕੀਤਾ ਹੈ ਤੇ 72 ਕੋਰੋਨਾ ਪੀੜਤਾਂ ਨੂੰ ਹੋਮ ਕੁਆਰੰਟਾਈਨ ਕੀਤਾ ਹੈ।