ਬਸੰਤ ਸਿੰਘ ਰੋੜੀਆਂ, ਲੁਧਿਆਣਾ : ਲੋਕਾਂ ਵੱਲੋਂ ਵਰਤੀ ਜਾਂਦੀ ਲਾਪਰਵਾਹੀ ਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਣ ਕਾਰਨ ਕੋਰੋਨਾ ਵਾਇਰਸ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ 86 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਮਰੀਜ਼ ਦੀ ਮੌਤ ਹੋਈ ਹੈ। ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਨੇ ਕੋਰੋਨਾ ਵਾਇਰਸ ਦੇ ਅੰਕੜਿਆਂ ਦੀ ਸਥਿਤੀ ਸਪਸ਼ਟ ਕਰਦਿਆਂ ਕਿਹਾ ਕਿ ਪਿੱਛਲੇ ਦਿਨਾਂ ਦੀਆ ਪੈਂਡਿੰਗ ਰਿਪੋਰਟਾਂ ਦੇ ਆਏ ਨਤੀਜਿਆਂ ਵਿਚੋਂ 86 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1 ਪੀੜਤ ਮਰੀਜ਼ ਦੀ ਮੌਤ ਹੋਈ ਹੈ। ਮਿ੍ਤਕ ਵਿਅਕਤੀ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ। ਡਾ. ਕੱਕੜ ਨੇ ਦੱਸਿਆ ਕਿ 72 ਮਾਮਲੇ ਜ਼ਿਲ੍ਹਾ ਲੁਧਿਆਣਾ ਅਤੇ 14 ਮਾਮਲੇ ਬਾਹਰਲੇ ਜ਼ਿਲਿ੍ਹਆਂ ਅਤੇ ਰਾਜਾਂ ਨਾਲ ਸਬੰਧਤ ਹਨ। ਅੱਜ 4 ਵਿਦਿਆਰਥੀ, 3 ਅਧਿਆਪਕ ਅਤੇ 2 ਹੈਲਥ ਕੇਅਰ ਵਰਕਰ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆਏ ਹਨ। ਸਿਹਤ ਵਿਭਾਗ ਵੱਲੋਂ 3611 ਸੈਂਪਲ ਜਾਂਚ ਲਈ ਭੇਜੇ ਗਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ 89 ਲੋਕਾਂ ਨੂੰ ਹੋਮ ਆਈਸੋਲੇਟ ਕੀਤਾ ਹੈ ਅਤੇ 162 ਕੋਰੋਨਾ ਪੀੜਤ ਮਰੀਜਾਂ ਨੂੰ ਹੋਮ ਕੁਆਰੰਟਾਈਨ ਕੀਤਾ ਹੈ।