ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਰੈਸਟੋਰੈਂਟ ਦੇ ਅੰਦਰ ਮੋਢਾ ਵੱਜਣ 'ਤੇ ਪੈਦਾ ਹੋਈ ਤਕਰਾਰ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮਾਮੂਲੀ ਬਹਿਸ ਤੋਂ ਪੈਦਾ ਹੋਏ ਝਗੜੇ ਦੌਰਾਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰਦੇ ਹੋਏ ਗੁਰਦੇਵ ਨਗਰ ਵਾਸੀ ਰਚਿਤ ਵਿਜ ਨੂੰ ਬੁਰੀ ਤਰਾਂ੍ਹ ਫੱਟੜ ਕਰ ਦਿੱਤਾ। ਇਸ ਮਾਮਲੇ ਵਿਚ ਥਾਣਾ ਪੀਏਯੂ ਦੀ ਪੁਲਿਸ ਨੇ ਨੌਜਵਾਨਾਂ ਦੇ ਬਿਆਨਾਂ 'ਤੇ ਹੈਰੀ, ਗੈਰੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਰਜਤ ਵਿਜ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਰੋਡ 'ਤੇ ਪੈਂਦੇ ਪੈਡਲਰ ਰੈਸਟੋਰੈਂਟ 'ਚ ਡਿਨਰ ਕਰਨ ਲਈ ਗਿਆ ਸੀ। ਰੈਸਟੋਰੈਂਟ 'ਚ ਕੁਝ ਨੌਜਵਾਨ ਹੁੱਲੜਬਾਜ਼ੀ ਕਰ ਰਹੇ ਸਨ। ਜਦ ਉਹ ਰੈਸਟੋਰੈਂਟ 'ਚੋਂ ਬਾਹਰ ਆਉਣ ਲੱਗਾ ਤਾਂ ਉਸ ਦਾ ਮੋਢਾ ਇਕ ਨੌਜਵਾਨ ਨਾਲ ਖਹਿ ਗਿਆ। ਇਸ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ ਤੇ ਉਕਤ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਰੌਲਾ ਪਾਉਣ 'ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਮਿਲਦੇ ਸਾਰ ਥਾਣਾ ਪੀਏਯੂ ਦੇ ਏਐੱਸਆਈ ਕੁਲਵਿੰਦਰ ਸਿੰਘ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਰੈਸਟੋਰੈਂਟ ਦੇ ਅੰਦਰ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਲਈ ਹੈ। ਪੁਲਿਸ ਨੇ ਮੁਲਜ਼ਮ ਹੈਰੀ, ਗੈਰੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।