ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਕੰਮ 'ਤੇ ਗਏ ਵਿਅਕਤੀ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਖ਼ਦਸ਼ਾ ਹੈ ਕਿ ਉਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਥਾਣਾ ਪੀਏਯੂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਸਬੀਨਾ ਖਾਤੂਨ ਨੇ ਦੱਸਿਆ ਕਿ ਉਸ ਦਾ ਪਤੀ ਨਸੀਰੂਦੀਨ ਅਨਸਾਰੀ (33) 9 ਅਕਤੂਬਰ ਨੂੰ ਕੰਮ ਦੇ ਸਿਲਸਿਲੇ 'ਚ ਸਾਊਥ ਸਿਟੀ ਵਾਲੀ ਸਾਈਡ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਉਨ੍ਹਾਂ ਆਪਣੇ ਪੱਧਰ 'ਤੇ ਉਸ ਦੀ ਬਹੁਤ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਾ ਲੱਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਪੀਏਯੂ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।