ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਘਰੇਲੂ ਕੰਮ ਸਬੰਧੀ ਬਾਜ਼ਾਰ ਜਾ ਰਹੀ ਲੜਕੀ ਨੂੰ ਨਿਸ਼ਾਨਾ ਬਣਾਉਂਦਿਆਂ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਉਸ ਕੋਲੋਂ ਮੋਬਾਈਲ ਫੋਨ ਲੁੱਟ ਲਿਆ। ਇਸ ਮਾਮਲੇ ਸਬੰਧੀ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਗਿਆਸਪੁਰਾ ਦੀ ਰਹਿਣ ਵਾਲੀ ਵੰਦਨਾ ਨੇ ਦੱਸਿਆ ਕਿ ਘਰੇਲੂ ਕੰਮ ਸਬੰਧੀ ਉਹ ਪੈਦਲ ਅੰਬੇਦਕਰ ਨਗਰ ਵੱਲ ਜਾ ਰਹੀ ਸੀ, ਜਿਵੇਂ ਹੀ ਉਹ ਅੰਬੇਦਕਰ ਨਗਰ ਚੌਕ 'ਚ ਪਹੁੰਚੀ ਤਾਂ ਪਿੱਛੋਂ ਆ ਰਹੇ ਪਲਸਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਹੱਥ 'ਚ ਫੜਿਆ ਮੋਬਾਈਲ ਫੋਨ ਝਪਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਭੀੜ-ਭਾੜ ਵਾਲੇ ਇਲਾਕੇ 'ਚੋਂ ਬੜੀ ਆਸਾਨੀ ਨਾਲ ਫ਼ਰਾਰ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਕਰ ਕੇ ਬਿਨਾਂ ਨੰਬਰ ਲੱਗੇ ਪਲਸਰ ਮੋਟਰਸਾਈਕਲ ਸਵਾਰ ਨਿਊ ਆਜ਼ਾਦ ਨਗਰ ਵਾਸੀ ਹਰਦੀਪ ਸਿੰਘ ਰਾਵਤ ਨੂੰ ਗਿ੍ਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਹਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਦੂਸਰੇ ਮੁਲਜ਼ਮ ਨੂੰ ਵੀ ਕਾਬੂ ਕਰ ਲਵੇਗੀ।